ਬਲਾਚੌਰ, 23 ਜੁਲਾਈ (ਨਰੇਸ਼ ਧੌਲ) - ਸੀਨੀਅਰ ‘ਆਪ’ ਆਗੂ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਸੁਹਿਰਦ ਪੂਰਨ ਮਾਹੌਲ ਵਿੱਚ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹਲਕਾ ਬਲਾਚੌਰ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਜਨਹਿੱਤ ਮਸਲਿਆਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲੋਕਾਂ ਦੇ ਜਾਇਜ਼ ਕੰਮਾਂ ਨੂੰ ਤਰਜੀਹ ਦੇ ਕੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ. ਹਰਪਾਲ ਸਿੰਘ ਚੀਮਾ ਨੇ ਵੀ ਲੋਕ ਭਲਾਈ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਤੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਸਾਂਝ ਅਤੇ ਤਾਲਮੇਲ ਨਾਲ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੁਬਾਰਾ ਰਿਪੀਟ ਕੀਤੀ ਜਾਵੇਗੀ।