ਸਿਵਲ ਸਰਜਨ ਦਫ਼ਤਰ ਵਿਖ਼ੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਮਿਊਨਿਟੀ ਹੈਲਥ ਅਫ਼ਸਰ।
ਨਵਾਂਸ਼ਹਿਰ ’ਚ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਮੁਕੰਮਲ ਹੜਤਾਲ
ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਪੰਜਾਬ ਦੇ ਲਗਪਗ 2500 ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਕਮਿਊਨਿਟੀ ਹੈਲਥ ਅਫ਼ਸਰ ਪੰਜ ਅਗਸਤ ਤੋਂ ਅਣਮਿਥੇ ਸਮੇਂ ਲਈ ਮੁਕੰਮਲ ਹੜਤਾਲ ’ਤੇ ਗਏ ਹੋਏ ਹਨ। ਇਸ ਕਾਰਨ ਪੰਜਾਬ ਦੇ ਪਿੰਡਾਂ ਵਿੱਚ ਚੱਲ ਰਹੇ ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।
ਨਵਾਂਸ਼ਹਿਰ, 9 ਅਗਸਤ (ਜਸਬੀਰ ਸਿੰਘ ਨੂਰਪੁਰ) - ਪੰਜਾਬ ਦੇ ਲਗਪਗ 2500 ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਦੇ ਰਹੇ ਕਮਿਊਨਿਟੀ ਹੈਲਥ ਅਫ਼ਸਰ ਪੰਜ ਅਗਸਤ ਤੋਂ ਅਣਮਿਥੇ ਸਮੇਂ ਲਈ ਮੁਕੰਮਲ ਹੜਤਾਲ ’ਤੇ ਗਏ ਹੋਏ ਹਨ। ਇਸ ਕਾਰਨ ਪੰਜਾਬ ਦੇ ਪਿੰਡਾਂ ਵਿੱਚ ਚੱਲ ਰਹੇ ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਪੰਜਾਬ ਭਰ ਦੇ ਸਮੂਹ ਕਮਿਊਨਿਟੀ ਹੈਲਥ ਅਫਸਰਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਦਫਤਰ ਵਿਖ਼ੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਦਿਲਜੀਤ ਕੁਮਾਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਨਾਲ ਵੱਡਾ ਵਿਸ਼ਵਾਸ਼ਘਾਤ ਕੀਤਾ ਹੈ। ਕਈ ਦੌਰ ਦੀਆਂ ਮੀਟਿੰਗਾਂ ਵਿੱਚ ਸਰਕਾਰ ਵੱਲੋਂ 5000/- ਤਨਖਾਹ ਵਿੱਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮਿਤੀ 22/07/202 6 ਨੂੰ ਜਾਰੀ ਪੱਤਰ ਰਾਹੀਂ ਇਸ ਨੂੰ ਤਨਖਾਹ ਵਿੱਚ ਸ਼ਾਮਲ ਕਰਨ ਦੀ ਬਜਾਏ ਇੰਸੈਂਟਿਵ ਦੇ ਰੂਪ ਵਿੱਚ ਜਾਰੀ ਕਰ ਦਿੱਤਾ ਗਿਆ ਤੇ ਇਸ ਨਾਲ ਬੈਂਚਮਾਰਕ ਦੀ ਸ਼ਰਤ ਜੋੜ ਦਿੱਤੀ ਗਈ। ਇਸ ਤੋਂ ਬਾਅਦ ਮਿਤੀ 04/08/2026 ਨੂੰ ਜਾਰੀ ਨਵੀਆਂ ਗਾਈਡ ਲਾਈਨਜ਼ ਵਿੱਚ ਹੋਰ ਵੀ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੂੰ ਪੂਰਾ ਕਰਨਾ ਲਗਪਗ ਅਸੰਭਵ ਹੈ। ਇਹ ਸਾਰਾ ਫ਼ੈਸਲਾ ਕਮਿਊਨਿਟੀ ਹੈਲਥ ਅਫਸਰਾਂ ਨੂੰ ਅਸਲ ਵਿੱਤੀ ਲਾਭ ਤੋਂ ਵਾਂਝਾ ਰੱਖਣ ਦੀ ਕੋਝੀ ਕੋਸ਼ਿਸ਼ ਹੈ। ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨਾਂ ਦੌਰਾਨ ਨਵੀਆਂ ਜਾਰੀ ਕੀਤੀਆਂ ਗਾਈਡ ਲਾਈਨਜ਼ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਤਾਂ ਜੋ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਜਾ ਸਕੇ। ਆਗੂਆਂ ਨੇ ਕਿਹਾ ਕਿ 5000/-ਤਨਖਾਹ ਵਿੱਚ ਸਥਾਈ ਵਾਧਾ, ਲੌਇਲਟੀ ਬੋਨਸ, ਰੈਗੂਲਰ ਕੇਡਰ ਸੈਂਕਸ਼ਨ ਕਰਨਾ, ਤਨਖਾਹ ਤੇ ਇੰਸੈਂਟਿਵ ਨੂੰ ਮਰਜ ਕਰਨਾ ਸਮੇਤ ਹੋਰ ਮੰਗਾਂ ਅੱਜ ਵੀ ਲੰਬਿਤ ਹਨ। ਯੂਨੀਅਨ ਵੱਲੋਂ ਕਈ ਵਾਰ ਪੱਤਰ ਲਿਖ ਕੇ ਮੀਟਿੰਗ ਲਈ ਸਮਾਂ ਮੰਗਿਆ ਗਿਆ ਤਾਂ ਜੋ ਗੱਲਬਾਤ ਰਾਹੀਂ ਮਸਲੇ ਦਾ ਹੱਲ ਹੋ ਸਕੇ ਪਰ ਸਰਕਾਰ ਤੇ ਵਿਭਾਗ ਨੇ ਕੋਈ ਗੰਭੀਰਤਾ ਨਹੀਂ ਦਿਖਾਈ। ਯੂਨੀਅਨ ਨੇ ਐਲਾਨ ਕੀਤਾ ਕਿ ਮਿਤੀ 10 ਅਗਸਤ 2026 ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਧਰਨਾ ਦੇਣਗੇ, ਜੇਕਰ ਉਸ ਤੋਂ ਬਾਅਦ ਵੀ ਸਰਕਾਰ ਨੇ ਆਪਣੀ ਵਾਅਦਾ-ਖ਼ਿਲਾਫ਼ੀ ਜਾਰੀ ਰੱਖੀ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।