ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਆਰ.ਐਮ.ਬੀ.ਡੀ.ਏ.ਵੀ ਸੈਂਟੇਨਰੀ ਪਬਲਿਕ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਦੁਸਹਿਰੇ ਦੇ ਪਾਵਨ ਅਵਸਰ ’ਤੇ ਇੱਕ ਸ਼ਾਨਦਾਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਜੋਸ਼ ਅਤੇ ਸ਼ਰਧਾ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਦੁਸਹਿਰੇ ਦੇ ਧਾਰਮਿਕ ਤੇ ਨੈਤਿਕ ਮਹੱਤਵ ਤੋਂ ਜਾਣੂ ਕਰਵਾਉਣਾ ਸੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ ਦੇ ਜੀਵਨ ’ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਸਕਿੱਟ ਪੇਸ਼ ਕੀਤੀ। ਇਸ ਪੇਸ਼ਕਾਰੀ ਰਾਹੀਂ ਸੱਚਾਈ, ਧਰਮ, ਤਿਆਗ, ਮਰਿਆਦਾ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਗਿਆ। ਵਿਦਿਆਰਥੀਆਂ ਨੇ ਦੁਸਹਿਰੇ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਪ੍ਰੇਰਨਾਦਾਇਕ ਭਾਸ਼ਣ ਵੀ ਦਿੱਤੇ ਅਤੇ ਸਾਰਿਆਂ ਨੂੰ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਨੂੰ ਹੋਰ ਵੀ ਮਨਮੋਹਕ ਬਣਾਉਂਦਿਆਂ ਬੱਚਿਆਂ ਨੇ ਵੱਖ-ਵੱਖ ਗੀਤਾਂ ਦੀਆਂ ਧੁਨਾਂ ’ਤੇ ਸ਼ਾਨਦਾਰ ਨਾਚ ਪੇਸ਼ ਕੀਤੇ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਫੈਂਸੀ ਡਰੈੱਸ ਮੁਕਾਬਲੇ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸੁੰਦਰ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਖ਼ੁਸ਼ੀਆਂ ਅਤੇ ਉਤਸ਼ਾਹ ਦਾ ਮਾਹੌਲ ਸਿਰਜ ਦਿੱਤਾ। ਇਸ ਮੌਕੇ ਸਕੂਲ ਦੇ ਆਫ਼ਿਸੀਏਟਿੰਗ ਇੰਚਾਰਜ ਸ਼ਿਵ ਕੁਮਾਰ ਨੇ ਦੁਸਹਿਰੇ ਦੇ ਮਹੱਤਵ ’ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਰਾਮ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸੱਚਾਈ, ਇਮਾਨਦਾਰੀ ਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸਿੱਖਿਆ ਦਿੰਦਾ ਹੈ ਕਿ ਅੰਤ ਵਿੱਚ ਜਿੱਤ ਹਮੇਸ਼ਾ ਸੱਚ ਅਤੇ ਧਰਮ ਦੀ ਹੁੰਦੀ ਹੈ। ਇਸ ਸ਼ੁਭ ਮੌਕੇ ’ਤੇ ਸਕੂਲ ਦੇ ਚੇਅਰਮੈਨ ਅਤੇ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਸਕੱਤਰ ਅਰਵਿੰਦ ਘਈ ਅਤੇ ਸਕੂਲ ਦੇ ਮੈਨੇਜਰ ਵਿਨੋਦ ਚੁੱਘ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੁਸਹਿਰੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।