ਖਮਾਣੋਂ, 21 ਜਨਵਰੀ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਡਾ. ਨਰੇਸ਼ ਚੌਹਾਨ ਸਾਬਕਾ ਐੱਸ.ਐੱਮ.ਓ. ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ | ਉਨ੍ਹਾਂ ਦੱਸਿਆ ਕਿ ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾਵੇ | ਡਾ. ਚੌਹਾਨ ਨੇ ਉਨ੍ਹਾਂ ਨੂੰ ਆਪਣੀ ਸ਼ੁਰੂ ਕੀਤੀ ਮੁਹਿੰਮ 'ਇਕ ਦਿਨ ਮੇਰਾ ਪਿੰਡ' ਬਾਰੇ ਦੱਸਿਆ ਅਤੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਕਾਂਗਰਸ ਨੂੰ ਮਜ਼ਬੂਤ ਕਰ ਰਹੇ ਹਨ | ਇਸ ਮੁਹਿੰਮ ਤਹਿਤ ਲੋਕਾਂ ਦਾ ਭਰਵਾਂ ਸਾਥ ਮਿਲ ਰਿਹਾ ਹੈ ਅਤੇ ਸ. ਬਾਜਵਾ ਨੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ |