15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਡੀ. ਸੀ. ਨੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 22-01-2026
ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਮਨਪ੍ਰੀਤ ਸਿੰਘ)-ਮਹਿਲਾ ਸਸ਼ਕਤੀਕਰਨ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਏ ਜਾ ਰਹੇ 'ਸਖੀ ਸ਼ਕਤੀ ਮੇਲੇ' ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਹ ਮੇਲਾ ਆਮ ਖ਼ਾਸ ਬਾਗ਼ ਵਿਖੇ 27 ਤੋਂ 30 ਜਨਵਰੀ ਤੱਕ ਲਗਾਇਆ ਜਾ ਰਿਹਾ ਹੈ | ਡੀ. ਸੀ. ਨੇ ਕਿਹਾ ਕਿ ਇਹ ਮੇਲਾ ਮਹਿਲਾਵਾਂ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਅਤੇ ਉਨ੍ਹਾਂ ਦੇ ਉਤਪਾਦਾਂ ਲਈ ਮੰਡੀਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਇਕ ਮਿਆਰੀ ਮੰਚ ਸਾਬਤ ਹੋਵੇਗਾ | ਮੇਲੇ ਵਿਚ ਵੱਖ-ਵੱਖ ਸਵੈ-ਸਹਾਇਤਾ ਸਮੂਹਾਂ ਵਲੋਂ ਤਿਆਰ ਵਸਤਾਂ ਦੇ ਸਟਾਲ ਲਗਾਏ ਜਾਣਗੇ | ਮੀਟਿੰਗ ਦੌਰਾਨ ਡਾ. ਥਿੰਦ ਨੇ ਕਿਹਾ ਕਿ ਇਸ ਮੇਲੇ ਦਾ ਮੁੱਖ ਮਕਸਦ ਔਰਤਾਂ ਨੂੰ ਆਤਮ-ਨਿਰਭਰ ਬਣਾਉਣਾ ਹੈ | ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੇਲੇ ਵਾਲੀ ਥਾਂ 'ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ | ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਵਿਭਾਗ ਵਲੋਂ ਉਚਿੱਤ ਪ੍ਰਬੰਧ ਯਕੀਨੀ ਬਣਾਏ ਜਾਣ | ਸਟਾਲਾਂ ਦੀ ਅਲਾਟਮੈਂਟ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਨੂੰ ਫ਼ਾਇਦਾ ਮਿਲ ਸਕੇ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਵੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣ ਤਾਂ ਜੋ ਮੇਲੇ ਵਿਚ ਆਉਣ ਵਾਲੇ ਲੋਕਾਂ ਅਤੇ ਪ੍ਰਦਰਸ਼ਨੀ ਲਗਾਉਣ ਵਾਲੀਆਂ ਮਹਿਲਾਵਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਮਹਿਲਾਵਾਂ ਵਲੋਂ ਤਿਆਰ ਕੀਤੇ ਸਮਾਨ ਦੀ ਖ਼ਰੀਦਦਾਰੀ ਕਰਕੇ ਉਨ੍ਹਾਂ ਦਾ ਉਤਸ਼ਾਹ ਵਧਾਉਣ |
ਪਿਛਲੀ ਖ਼ਬਰ ਕੂੜਾ ਸੁੱਟਣ ਦੇ ਮਾਮਲੇ ਨੂੰ ਲੈ ਕੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਡਾ. ਚੌਹਾਨ ਨੇ ਸੀ. ਐੱਲ. ਪੀ. ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।