ਫ਼ਤਹਿਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚ ਟ੍ਰੈਫ਼ਿਕ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਟ੍ਰੈਫ਼ਿਕ ਮਹੀਨਾ ਮਨਾਇਆ ਜਾ ਰਿਹਾ ਹੈ | ਜਿਸ ਦੇ ਤਹਿਤ ਅੱਜ ਜੋਤੀ ਸਰੂਪ ਮੋੜਾਂ 'ਤੇ ਪੁਲਿਸ ਦੁਆਰਾ ਵਾਹਨ ਚਾਲਕਾਂ ਨੂੰ ਹੈਲਮਟ ਵੰਡੇ ਗਏ ਅਤੇ ਵਾਹਨਾਂ 'ਤੇ ਰਿਫ਼ਲੈਕਟਰ ਟੇਪ ਲਗਾਈ ਗਈ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਸੜਕੀ ਹਾਦਸਿਆਂ ਨੂੰ ਰੋਕਣ ਲਈ ਟ੍ਰੈਫ਼ਿਕ ਪੁਲਿਸ ਦੁਆਰਾ ਸਮੇਂ-ਸਮੇਂ 'ਤੇ ਅਜਿਹੇ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਸੜਕੀ ਹਾਦਸਿਆਂ ਕਾਰਨ ਮੌਤ ਦੇ ਮੂੰਹ ਵਿਚ ਅਜਾਈਾ ਜਾ ਰਹੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ | ਇਸੇ ਕੜੀ ਤਹਿਤ ਅੱਜ ਡੀ.ਐਸ.ਪੀ ਇੰਦਰਪ੍ਰੀਤ ਸਿੰਘ ਬਡੂੰਗਰ ਅਤੇ ਇੰਸਪੈਕਟਰ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਟ੍ਰੈਫ਼ਿਕ ਜਾਗਰੂਕਤਾ ਮੁਹਿੰਮ ਅਧੀਨ ਉਨ੍ਹਾਂ ਵਾਹਨ ਚਾਲਕਾਂ ਨੂੰ ਗੁਲਾਬ ਦੇ ਫੁੱਲ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ, ਜਿਹੜੇ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰਦੇ ਹਨ ਤਾਂ ਜੋ ਹੋਰ ਵਾਹਨ ਚਾਲਕ ਵੀ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਟ੍ਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਅਤੇ ਬਹੁਤ ਸਾਰੇ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਵੰਡੇ ਗਏ ਹਨ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪਿਛਲੇ ਸਾਲ ਟ੍ਰੈਫ਼ਿਕ ਪੁਲਿਸ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 72 ਹਜ਼ਾਰ ਦੇ ਕਰੀਬ ਚਲਾਨ ਕੱਟੇ ਗਏ ਸਨ ਅਤੇ 400 ਦੇ ਕਰੀਬ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਏ ਗਏ ਸਨ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸ਼ਹੀਦੀ ਜੋੜ ਮੇਲ ਦੌਰਾਨ 4 ਹਜ਼ਾਰ ਦੇ ਕਰੀਬ ਰਿਫ਼ਲੈਕਟਰ ਟੇਪ ਲਗਾਈ ਗਈ ਸੀ ਤਾਂ ਜੋ ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ | ਇਸ ਮੌਕੇ 'ਤੇ ਡੀ.ਐਸ.ਪੀ ਇੰਦਰਪ੍ਰੀਤ ਸਿੰਘ ਬਡੂੰਗਰ, ਇੰਸਪੈਕਟਰ ਸੁਰਿੰਦਰ ਸਿੰਘ, ਸਹਾਇਕ ਥਾਣੇਦਾਰ ਕਪਿਲ ਸ਼ਰਮਾ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ |