02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਮਰੀਕੀ ਦਬਾਅ ਹੇਠ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਕੇਂਦਰ ਸਰਕਾਰ-ਕਿਸਾਨ ਆਗੂ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਅਮਲੋਹ ਦੀ ਮੀਟਿੰਗ ਵਿਚ ਸ਼ਾਮਿਲ ਆਗੂ | ਤਸਵੀਰ: ਗਿੱਲ <br/> 07-03-2026
ਅਮਲੋਹ, 6 ਮਾਰਚ (ਹਰਪ੍ਰੀਤ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਅੰਤਰਰਾਸ਼ਟਰੀ ਪੱਧਰ 'ਤੇ ਅਮਰੀਕਾ ਵਰਗੇ ਮੁਲਕਾਂ ਨਾਲ ਕੀਤੇ ਜਾ ਰਹੇ ਖੇਤੀ ਸਮਝੌਤੇ ਭਾਰਤੀ ਕਿਸਾਨੀ ਦੀ ਹੋਂਦ ਲਈ ਵੱਡਾ ਖ਼ਤਰਾ ਬਣ ਗਏ ਹਨ | ਇਨ੍ਹਾਂ ਖ਼ਦਸ਼ਿਆਂ ਨੂੰ ਲੈ ਕੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਅਮਲੋਹ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਭੱਦਲਥੂਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ 10 ਮਾਰਚ ਨੂੰ ਬਰਨਾਲਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ | ਮੀਟਿੰਗ ਦੌਰਾਨ ਆਗੂਆਂ ਨੇ ਤੱਥਾਂ ਦੇ ਆਧਾਰ 'ਤੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਨਾਲ ਅਜਿਹੇ ਗੁਪਤ ਸਮਝੌਤੇ ਕਰਨ ਜਾ ਰਹੀ ਹੈ, ਜਿਸ ਨਾਲ ਭਾਰਤੀ ਮੰਡੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਲਈ ਖੋਲ੍ਹ ਦਿੱਤੀ ਜਾਵੇਗੀ ਅਤੇ ਇਸ ਘਾਤਕ ਕਦਮ ਨਾਲ ਨਾ ਸਿਰਫ਼ ਫ਼ਸਲਾਂ ਦੇ ਵਾਜਬ ਭਾਅ ਖ਼ਤਮ ਹੋ ਜਾਣਗੇ, ਸਗੋਂ ਭਾਰਤ ਦਾ ਕਿਸਾਨ ਆਰਥਿਕ ਪੱਖੋਂ ਪੂਰੀ ਤਰ੍ਹਾਂ ਕੰਗਾਲ ਹੋ ਜਾਵੇਗਾ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਸਮਝੌਤਿਆਂ ਨੂੰ ਤੁਰੰਤ ਰੱਦ ਕਰੇ ਤਾਂ ਜੋ ਦੇਸ਼ ਦੇ ਅੰਨਦਾਤੇ ਨੂੰ ਬਚਾਇਆ ਜਾ ਸਕੇ | ਇਸ ਮੌਕੇ ਸ਼ਹਿਰੀ ਪ੍ਰਧਾਨ ਬਲਵੰਤ ਸਿੰਘ ਮਾਨ ਹਰੀਪੁਰ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਜਿਸ ਤਰ੍ਹਾਂ ਸਰਕਾਰੀ ਅਦਾਰਿਆਂ ਦਾ ਅੰਨ੍ਹੇਵਾਹ ਨਿੱਜੀਕਰਨ ਕਰਨ ਤੇ ਲੱਗੀਆਂ ਹੋਈਆਂ ਹਨ, ਉਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ ਅਤੇ ਖੇਤੀ ਖੇਤਰ ਨੂੰ ਬਚਾਉਣ ਲਈ ਐਮ.ਐਸ.ਪੀ. ਦੀ ਗਰੰਟੀ ਲਈ ਕਾਨੂੰਨ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ 60 ਸਾਲ ਦੀ ਕਿਸਾਨਾਂ ਤੇ ਕਿਸਾਨ ਔਰਤਾਂ ਨੂੰ 10 ਹਜ਼ਾਰ ਰੁਪਏ ਮਾਸਿਕ ਪੈਨਸ਼ਨ ਲਾਗੂ ਕੀਤੀ ਜਾਵੇ ਅਤੇ ਫ਼ਸਲਾਂ ਦੀ ਬੀਮਾ ਯੋਜਨਾ ਦਾ ਪ੍ਰਬੰਧ ਅਜਿਹਾ ਹੋਵੇ ਕਿ ਇਸ ਦਾ ਸਾਰਾ ਖ਼ਰਚਾ ਮਾਰਕੀਟ ਕਮੇਟੀਆਂ ਵਲੋਂ ਅਦਾ ਕੀਤਾ ਜਾਵੇ | ਇਸ ਮੀਟਿੰਗ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਪੈੱ੍ਰਸ ਸਕੱਤਰ ਹਰਿੰਦਰ ਸਿੰਘ ਚਨਾਰਥਲ, ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਤੋਂ ਇਲਾਵਾ ਬਲਾਕ ਆਗੂ ਸੁਖਦੇਵ ਸਿੰਘ ਭੱਦਲਥੂਹਾ, ਸੁਖਦੇਵ ਸਿੰਘ ਭਗਵਾਨਪੁਰਾ ਅਤੇ ਸੁਖਪ੍ਰੀਤ ਸਿੰਘ ਸਮੇਤ ਕਈ ਹੋਰ ਆਗੂ ਵੀ ਸ਼ਾਮਿਲ ਹੋਏ | ਇਨ੍ਹਾਂ ਸਾਰੇ ਆਗੂਆਂ ਨੇ 10 ਮਾਰਚ ਦੀ ਬਰਨਾਲਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਰੈਲੀ ਸ਼ਾਮਿਲ ਹੋਣ ਦੀ ਬੇਨਤੀ ਕੀਤੀ |
ਪਿਛਲੀ ਖ਼ਬਰ ਇਸਤਰੀ ਸਭਾ ਸ਼ਿਵ ਮੰਦਰ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਡਿਜੀਟਲ ਤਿਆਰੀ ਤੇ ਗੁਣਵੱਤਾ ਸਿੱਖਿਆ ਦੇ ਉੱਨਤੀ ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।