29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅਮਲੋਹ ਵਿਚ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ <br/>

ਅਜੀਤ ਡੈਸਕ 26-03-2026
ਅਮਲੋਹ, 25 ਮਾਰਚ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਮਲੋਹ ਹਲਕੇ ਵਿਚ ਕੀਤੀ ਗਈ ਪੰਜਾਬ ਬਚਾਓ ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ 'ਤੇ ਜ਼ੋਰਦਾਰ ਨਿਸ਼ਾਨੇ ਸਾਧਦੇ ਹੋਏ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਅਕਾਲੀ ਦਲ ਨੂੰ ਇਕੋ-ਇਕ ਵਿਕਲਪ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਦਲ ਖ਼ਾਲਸਾ ਪੰਥ ਦੀ ਫ਼ੌਜ ਹੈ ਅਤੇ ਇਸ ਜਥੇਬੰਦੀ ਨੇ ਪੰਜਾਬ ਤੇ ਪੰਥ ਦੀ ਆਵਾਜ਼ ਬਣ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਲਈ ਹਰ ਲੜਾਈ ਲੜੀ ਹੈ, ਜਦਕਿ ਹੋਰ ਪਾਰਟੀਆਂ ਨੇ ਆਪਣੇ ਨਿੱਜੀ ਸਵਾਰਥ ਦੀ ਪੂਰਤੀ ਲਈ ਸੂਬੇ ਦੇ ਹਿਤਾਂ ਨਾਲ ਹਮੇਸ਼ਾ ਧ੍ਰੋਹ ਕਮਾਇਆ ਹੈ | ਉਨ੍ਹਾਂ ਪਿਛਲੀਆਂ ਸਰਕਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ 1966 ਤੋਂ ਬਾਅਦ ਕਾਂਗਰਸ ਪਾਰਟੀ ਦੇ ਲੰਬੇ ਰਾਜਕਾਲ ਦੇ ਬਾਵਜੂਦ ਕੋਈ ਵੱਡਾ ਢਾਂਚਾਗਤ ਵਿਕਾਸ ਨਹੀਂ ਹੋਇਆ, ਜਦਕਿ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਥਰਮਲ ਪਲਾਂਟ, ਹਵਾਈ ਅੱਡੇ, ਸੜਕਾਂ ਅਤੇ ਰੇਲਵੇ ਓਵਰਬਿ੍ਜਾਂ ਦਾ ਵਿਸ਼ਾਲ ਜਾਲ ਵਿਛਾਇਆ ਗਿਆ | ਉਨ੍ਹਾਂ ਕਿਹਾ ਕਿ 'ਵੱਡੇ ਬਾਦਲ' ਦੇ ਸਮੇਂ ਸੇਵਾ ਅਤੇ ਵਿਕਾਸ ਦੀ ਰਾਜਨੀਤੀ ਹੁੰਦੀ ਸੀ, ਜਦਕਿ ਮੌਜੂਦਾ ਸਮੇਂ ਨਿੱਜੀ ਸਵਾਰਥ ਦੀ ਪੂਰਤੀ ਲਈ ਲੋਭ-ਲਾਲਚ ਦੀ ਰਾਜਨੀਤੀ ਕੀਤੀ ਜਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਲਈ ਲੱਖਾਂ ਰੁਪਏ ਘੰਟੇ ਦੇ ਕਿਰਾਏ 'ਤੇ ਹੈਲੀਕਾਪਟਰ ਲੈ ਕੇ ਲੋਕਾਂ ਦੇ ਪੈਸੇ ਦੀ ਬਰਬਾਦੀ ਕੀਤੀ ਜਾ ਰਹੀ ਹੈ | ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਸ. ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਵਿਚ ਪੰਜ ਸੌ ਏਕੜ ਰਕਬੇ ਤੇ ਇਕ ਤਕਨੀਕੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ ਜਿਸ ਦੇ ਹਰ ਜ਼ਿਲ੍ਹੇ ਵਿਚ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ ਜਿੱਥੋਂ ਵਿਦਿਆਰਥੀ ਤਕਨੀਕੀ ਗਿਆਨ ਪ੍ਰਾਪਤ ਕਰਕੇ ਨਾ ਸਿਰਫ਼ ਵੱਡੀਆਂ ਕੰਪਨੀਆਂ ਵਿਚ ਨੌਕਰੀਆਂ ਹਾਸਲ ਕਰ ਸਕਣਗੇ, ਸਗੋਂ ਉਹ ਆਪਣੇ ਕਾਰੋਬਾਰ ਸ਼ੁਰੂ ਕਰਨ ਦੇ ਸਮਰੱਥ ਹੋ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਬਿਨਾਂ ਵਿਆਜ ਕਰਜ਼ਾ ਵੀ ਦਿੱਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਵੱਡੇ ਉਦਯੋਗਾਂ ਵਿਚ 75 ਫ਼ੀਸਦੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਂਆਂ ਕੀਤੀਆਂ ਜਾਣਗੀਆਂ | ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਬਣਨ 'ਤੇ ਸ਼ਗਨ ਸਕੀਮ ਨੂੰ 1 ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ ਨੂੰ 3 ਹਜ਼ਾਰ ਰੁਪਏ ਮਹੀਨਾ ਕਰਨ ਦਾ ਵਾਅਦਾ ਵੀ ਕੀਤਾ | ਉਨ੍ਹਾਂ ਮੰਡੀ ਗੋਬਿੰਦਗੜ੍ਹ ਦੀ ਡਿਗਦੀ ਉਦਯੋਗਿਕ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਹਾਲਾਤ ਸਾਜ਼ਗਾਰ ਨਾ ਹੋਣ ਕਾਰਨ ਸਟੀਲ ਇੰਡਸਟਰੀ ਹੋਰਨਾਂ ਰਾਜਾਂ ਵਲ ਰੁੱਖ ਕਰ ਰਹੀ ਹੈ, ਜਿਸ ਨੂੰ ਰੋਕਣ ਲਈ ਵਿਸ਼ੇਸ਼ ਪੈਕੇਜ ਦੀ ਲੋੜ ਹੈ | ਉਨ੍ਹਾਂ ਅਮਲੋਹ ਅਤੇ ਗੋਬਿੰਦਗੜ੍ਹ ਦੇ ਹਸਪਤਾਲਾਂ ਨੂੰ ਆਧੁਨਿਕ ਬਣਾਉਣ ਦੀ ਮੰਗ ਕੀਤੀ | ਰੈਲੀ ਦੇ ਅੰਤ ਵਿਚ ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਇਸ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਲਈ ਉਨ੍ਹਾਂ ਦੀ ਯਾਦ ਵਿਚ ਵਿਸ਼ਾਲ ਯਾਦਗਾਰੀ ਸਮਾਰਕ ਬਣਾਉਣ ਦੀ ਮੰਗ ਵੀ ਰੱਖੀ | ਅੱਜ ਦੀ ਇਸ ਰੈਲੀ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਸੱਜੀ ਬਾਂਹ ਮੰਨੇ ਜਾਂਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਗਜ਼ੈਕਟਿਵ ਮੈਂਬਰ ਜੋਗਿੰਦਰ ਸਿੰਘ ਮੈਣੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਜਿੰਨ੍ਹਾਂ ਨੂੰ ਪਾਰਟੀ ਪ੍ਰਧਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ | ਰੈਲੀ ਨੂੰ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਹਰਜਿੰਦਰ ਸਿੰਘ ਬੋਬੀ ਗਰਚਾ, ਐਸ.ਓ.ਆਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਹਲਕਾ ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਹਲਕਾ ਇੰਚਾਰਜ ਖੰਨਾ ਯਾਦਵਿੰਦਰ ਸਿੰਘ ਯਾਦੂ ਅਤੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਵੀ ਸੰਬੋਧਨ ਕੀਤਾ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਜਲ ਮਹਾਂ ਉਤਸਵ ਮਨਾਇਆ ਅਗਲੀ ਖ਼ਬਰ ਭਾਜਪਾ ਆਗੂ ਸੰਦੀਪ ਬੱਲ ਦੀ ਅਗਵਾਈ ਹੇਠ ਉਦਯੋਗਪਤੀਆਂ ਤੇ ਵਪਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।