ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਹਰੀਪੁਰ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਉਨ੍ਹਾਂ ਨੂੰ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ | ਮੀਟਿੰਗ ਦੌਰਾਨ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਸੰਘਰਸ਼ ਕਰਦੀ ਰਹੇਗੀ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਪਰਲੇ ਪੱਧਰ ਤੱਕ ਪਹੁੰਚਾਉਣ | ਉਨ੍ਹਾਂ ਕਿਹਾ ਕਿ ਆਮ ਜਨਤਾ ਮਹਿੰਗਾਈ, ਬੇਰੁਜ਼ਗਾਰੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੀ ਹੈ, ਪਰ ਸਰਕਾਰ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਤੋਂ ਧਿਆਨ ਹਟਾ ਕੇ ਕੇਵਲ ਇਸ਼ਤਿਹਾਰਬਾਜ਼ੀ ਵਿਚ ਮਸਰੂਫ਼ ਹੈ | ਨਾਗਰਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਵਰਕਰਾਂ ਵਿਚ ਨਵੀਂ ਊਰਜਾ ਪੈਦਾ ਹੁੰਦੀ ਹੈ ਅਤੇ ਪਾਰਟੀ ਹੋਰ ਮਜ਼ਬੂਤ ਬਣਦੀ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਹਰ ਵਰਗ ਦੇ ਲੋਕਾਂ ਨਾਲ ਖੜ੍ਹੇ ਰਹਿਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਉਪਲੱਬਧ ਰਹਿਣਗੇ | ਇਸ ਮੌਕੇ ਮਾਸਟਰ ਰਵਿੰਦਰ ਸਿੰਘ ਹਰੀਪੁਰ, ਸਾਬਕਾ ਸਰਪੰਚ ਗੁਰਵਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਮਨਦੀਪ ਸਿੰਘ ਖੇੜਾ, ਕੁਲਵੀਰ ਭੰਗੂ, ਹਰਦੀਪ ਸਿੰਘ ਤਿੰਬਰਪੁਰ, ਸੁਖਵੀਰ ਸਿੰਘ, ਇੰਦਰਜੀਤ ਸਿੰਘ ਸਿੰਧੜਾਂ, ਸੋਨੀ ਚੋਲਟੀ ਖੇੜੀ, ਹਰਬੰਸ ਸਿੰਘ, ਰਣਧੀਰ ਸਿੰਘ, ਨਰਿੰਦਰ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ ਸਾਬਕਾ ਸਰਪੰਚ, ਪਰਵਿੰਦਰ ਸਿੰਘ, ਰਮਨਦੀਪ ਸਿੰਘ, ਮੇਵਾ ਸਿੰਘ ਬਰਾਸ, ਲਾਡੀ ਬਰਾਸ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ | ਇਸ ਮੌਕੇ ਇਲਾਕੇ ਦੇ ਮੁਹਤਬਰਾਂ ਵਲੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |