ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਜ਼ਿਲ੍ਹਾ ਪਟਿਆਲਾ ਵਿਚ ਸੀਟੂ ਦੇ ਹੋਏ ਸੂਬਾਈ ਡੈਲੀਗੇਟ ਇਜਲਾਸ ਤੋਂ ਬਾਅਦ ਆਂਗਣਵਾੜੀ ਯੂਨੀਅਨ ਦੀ ਮਹੱਤਵਪੂਰਨ ਮੀਟਿੰਗ ਹੋਈ | ਜਿਸ ਦੌਰਾਨ ਸੂਬਾ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਮੌਕੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਮੌਜੂਦਾ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੂੰ ਚੌਥੀ ਵਾਰ ਇਸ ਅਹੁਦੇ ਲਈ ਚੁਣਿਆ ਗਿਆ | ਇਸ ਮੀਟਿੰਗ ਵਿਚ ਯੂਨੀਅਨ ਦੇ ਆਗੂਆਂ ਤੇ ਮੈਂਬਰਾਂ ਨੇ ਬੀਬੀ ਪੰਜੋਲਾ ਦੀ ਅਗਵਾਈ ਹੇਠ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਜਤਾਇਆ ਕਿ ਉਹ ਅੱਗੇ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਲਈ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ | ਇਸ ਮੌਕੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਯੂਨੀਅਨ ਨੂੰ ਹੋਰ ਵੀ ਮਜ਼ਬੂਤ ਕਰਨ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਸਮੱਸਿਆਵਾਂ ਨੂੰ ਹੱਲ ਕਰਵਾਉਣ ਤੱਕ ਪੂਰੀ ਵਫ਼ਾਦਾਰੀ ਨਾਲ ਕੰਮ ਕਰਨਗੇ | ਇਸ ਮੌਕੇ ਹੋਰਨਾਂ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਅਤੇ ਸਾਰਿਆਂ ਨੇ ਮਿਲ ਕੇ ਆਂਗਣਵਾੜੀ ਦੀ ਭਲਾਈ ਲਈ ਕੰਮ ਕਰਨ ਦਾ ਪ੍ਰਣ ਲਿਆ |