ਫ਼ਤਹਿਗੜ੍ਹ ਸਾਹਿਬ, 26 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ ਰੈਲੀਆਂ' ਸੂਬੇ ਦੀ ਰਾਜਨੀਤੀ ਵਿਚ ਚਰਚਾ ਦਾ ਕੇਂਦਰ ਬਣ ਕੇ ਨਵਾਂ ਮਾਹੌਲ ਸਿਰਜ ਰਹੀਆਂ ਹਨ, ਜਿਸ ਤੋਂ ਸਪਸ਼ਟ ਹੈ ਕਿ ਸੂਬੇ ਦੇ ਲੋਕ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ© ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਅਮਲੋਹ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹੋਈ 'ਪੰਜਾਬ ਬਚਾਓ ਰੈਲੀ 'ਚ ਹੋਏ ਵਿਸ਼ਾਲ ਇਕੱਠ ਨੇ ਨਾ ਸਿਰਫ਼ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ, ਸਗੋਂ ਵਿਰੋਧੀ ਪਾਰਟੀਆਂ ਲਈ ਵੀ ਚਿੰਤਾ ਪੈਦਾ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕੀਤਾ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ | ਜਥੇਦਾਰ ਰਿਆ ਨੇ ਰੈਲੀ ਵਿਚ ਸ਼ਾਮਿਲ ਹੋਏ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਦਾ ਵੀ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਸਦਕਾ ਰੈਲੀ ਨੇ ਇਤਿਹਾਸ ਸਿਰਜਿਆ ਹੈ | ਉਨ੍ਹਾਂ ਕਿਹਾ ਕਿ ਰੈਲੀ ਵਿਚ ਸ਼ਾਮਿਲ ਹੋਏ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਮਹਿਲਾਵਾਂ ਦੀ ਵੱਡੀ ਗਿਣਤੀ ਇਸ ਗੱਲ ਦੀ ਗਵਾਹ ਹੈ ਕਿ ਹਰ ਵਰਗ ਅਕਾਲੀ ਦਲ ਨਾਲ ਖੜ੍ਹਾ ਹੋ ਰਿਹਾ ਹੈ | ਇਸ ਮੌਕੇ 'ਤੇ ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ, ਜਸਵੰਤ ਸਿੰਘ ਮੰਡੋਫਲ, ਗੁਰਦੀਪ ਸਿੰਘ ਨੌਲੱਖਾ ਵੀ ਹਾਜ਼ਰ ਸਨ |