ਫ਼ਤਹਿਗੜ੍ਹ ਸਾਹਿਬ, 30 ਮਾਰਚ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌ ਦੇ ਖ਼ੁਦਕੁਸ਼ੀ ਕਰਨ ਵਾਲੇ 2 ਸਕੇ ਭਰਾਵਾਂ ਨੂੰ ਇਨਸਾਫ਼ ਦਿਵਾਉਣ ਅਤੇ ਲੈਂਡ ਮਾਰਗੇਜ ਬੈਂਕਾਂ ਦੁਆਰਾ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੀਤੀ ਜਾਣ ਵਾਲੀ ਨਿਲਾਮੀ ਨੂੰ ਰੋਕਣ ਲਈ ਦਿੱਤੇ ਸੰਘਰਸ਼ ਪ੍ਰੋਗ੍ਰਾਮ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ | ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਪਿੰਡ ਹਰੀ ਨੌ ਦੇ 2 ਸਕੇ ਭਰਾਵਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਬੈਂਕ ਮੈਨੇਜਰ ਨੂੰ ਸਖ਼ਤ ਸਜ਼ਾ ਦੇਣ ਅਤੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਕੀਤੀ | ਉਨ੍ਹਾਂ ਕਿਹਾ ਕਿ ਪੀੜਿਤ ਕਿਸਾਨਾਂ ਦੀਆਂ ਦੋ ਛੋਟੀਆਂ ਧੀਆਂ ਤੇ ਬਾਕੀ ਪਰਿਵਾਰ ਦੀ ਜ਼ਿੰਦਗੀ ਗੁਜ਼ਰ ਬਸਰ ਲਈ ਪ੍ਰਬੰਧ ਕੀਤੇ ਜਾਣ ਅਤੇ ਲੈਂਡ ਮਾਰਗੇਜ ਬੈਂਕਾਂ ਰਾਹੀਂ ਛੋਟੇ, ਵੱਡੇ ਸਾਰੇ ਹੀ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਲਾਮੀ ਕਰਨ ਵਾਲੇ ਹੁਕਮਾਂ ਨੂੰ ਰੱਦ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇਮਾਜਰਾ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਆਪਣੇ ਹੱਕਾਂ ਤੇ ਹਿੱਤਾਂ ਦੀ ਰਾਖੀ ਲਈ ਸੜਕਾਂ 'ਤੇ ਰੁਲ ਰਿਹਾ ਹੈ | ਉਨ੍ਹਾਂ ਕਿਹਾ ਕਿ ਹੁਣ ਆਲੂਆਂ ਦੀ ਫ਼ਸਲ ਵਿਚ ਪਏ ਘਾਟੇ ਅਤੇ ਲੈਂਡ ਮਾਰਗੇਜ ਬੈਂਕਾਂ ਵਲੋਂ ਕਰਜ਼ਾਈ ਕਿਸਾਨਾਂ ਦੀਆਂ ਤਸਵੀਰਾਂ ਲਗਾ ਕੇ ਸਮਾਜਿਕ ਤੌਰ 'ਤੇ ਜ਼ਲੀਲ ਕਰਨ ਦੇ ਡਰ ਕਾਰਨ ਹੀ ਪਿੰਡ ਹਰੀ ਨੌ ਦੇ 2 ਸਕੇ ਭਰਾਵਾਂ ਜਸਕਰਨ ਸਿੰਘ ਤੇ ਜਸਵਿੰਦਰ ਸਿੰਘ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਲਾਗਤ ਮੁੱਲ ਤੋਂ ਘੱਟ ਭਾਅ ਦੇਣ ਕਾਰਨ ਹੀ ਕਿਸਾਨ ਕਰਜ਼ਾਈ ਹੋਏ ਹਨ, ਇਸ ਲਈ ਸਰਕਾਰ ਵਲੋਂ ਜਿਵੇਂ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਉਸੇ ਤਰਜ਼ 'ਤੇ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਪੰਜਾਬ ਸਰਕਾਰ ਵਲੋਂ ਜੋ ਜ਼ਮੀਨਾਂ ਦੀ ਕੁਰਕੀ ਕਰਨ ਦਾ ਫ਼ਰਮਾਨ ਜਾਰੀ ਕੀਤਾ ਗਿਆ ਹੈ, ਉਸ ਨੂੰ ਵਾਪਸ ਲਿਆ ਜਾਵੇ | ਉਨ੍ਹਾਂ ਦਾਅਵਾ ਕੀਤਾ ਕਿ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ | ਇਸ ਮੌਕੇ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇ ਮਾਜਰਾ, ਪੈੱ੍ਰਸ ਸਕੱਤਰ ਅਵਤਾਰ ਸਿੰਘ ਡੰਘੇੜੀਆਂ, ਬਲਾਕ ਖਮਾਣੋਂ ਪੈੱ੍ਰਸ ਸਕੱਤਰ ਕਿਰਪਾਲ ਸਿੰਘ ਬਦੇਸ਼ਾਂ, ਬਲਾਕ ਪ੍ਰਧਾਨ ਖੇੜਾ ਪ੍ਰਕਾਸ਼ ਸਿੰਘ ਬੱਬਲ, ਪੈੱ੍ਰਸ ਸਕੱਤਰ ਜੋਗਿੰਦਰ ਸਿੰਘ, ਬਲਾਕ ਸਰਹਿੰਦ ਸੁਖਵਿੰਦਰ ਸਿੰਘ ਪੋਲਾ, ਅਮਰੀਕ ਸਿੰਘ, ਚਤਰ ਸਿੰਘ, ਬਲਦੇਵ ਸਿੰਘ ਮੁੱਲਾਂਪੁਰ, ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਸਾਦਕਪੁਰ, ਬਲਪ੍ਰੀਤ ਸਿੰਘ ਅਬਦੁੱਲਾਪੁਰ, ਅਵਤਾਰ ਸਿੰਘ ਖਰੌੜਾ, ਬਲਕਾਰ ਸਿੰਘ ਜੜਖੇਲਾਂ ਖੇੜੀ, ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾਂ, ਜ਼ਿਲ੍ਹਾ ਮੀਤ ਪ੍ਰਧਾਨ ਉੱਤਮ ਸਿੰਘ ਬਰਵਾਲੀ, ਬਲਾਕ ਅਮਲੋਹ ਦੇ ਪ੍ਰੇਮ ਸਿੰਘ ਛੰਨਾ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਸਨ |