ਫ਼ਤਹਿਗੜ੍ਹ ਸਾਹਿਬ, 30 ਮਾਰਚ (ਰਾਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੇਲੂ ਗੈਸ ਸਿਲੰਡਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਸਬੰਧੀ ਫੈਲ ਰਹੀਆਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੁਝ ਥਾਵਾਂ 'ਤੇ ਗ਼ਲਤ ਜਾਣਕਾਰੀ ਫੈਲਣ ਕਾਰਨ ਲੋਕਾਂ ਵਿਚ ਬੇਵਜ੍ਹਾ ਚਿੰਤਾ ਪੈਦਾ ਹੋ ਸਕਦੀ ਹੈ, ਇਸ ਲਈ ਜਨਤਾ ਨੂੰ ਅਜਿਹੀਆਂ ਗੱਲਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤੂਆਂ ਦੀ ਸਪਲਾਈ ਅਤੇ ਉਨ੍ਹਾਂ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣਾ ਪਹਿਲੀ ਤਰਜੀਹ ਹੈ | ਇਸ ਲਈ ਸਬੰਧਿਤ ਵਿਭਾਗਾਂ ਵਲੋਂ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਨਿਯਮਾਂ ਦੀ ਉਲੰਘਣਾ ਕਰਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡੀ.ਸੀ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਕਮਰਸ਼ੀਅਲ ਗੈਸ ਦੀ ਸਪਲਾਈ ਵੀ ਵਿੱਦਿਅਕ ਅਦਾਰੇ, ਹਸਪਤਾਲਾਂ, ਹੋਸਟਲਾਂ, ਵਿਆਹ ਸਮਾਗਮ (ਲੜਕੀ ਦੇ ਵਿਆਹ ਨੂੰ ਪਹਿਲ) ਆਦਿ ਨੂੰ ਪਹਿਲ ਦੇ ਆਧਾਰ 'ਤੇ ਜਾਰੀ ਕੀਤੀ ਜਾ ਰਹੀ ਹੈ | ਹੋਟਲਾਂ ਤੇ ਢਾਬਿਆਂ ਅਤੇ ਇੰਡਸਟਰੀ ਲਈ ਵੀ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਮਰਸ਼ੀਅਲ ਗੈਸ ਸਿਲੰਡਰ ਉਪਲੱਬਧ ਕਰਵਾਏ ਜਾ ਰਹੇ ਹਨ | ਪ੍ਰਸ਼ਾਸਨ ਵਲੋਂ ਸਥਿਤੀ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਤੁਰੰਤ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ |