21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਫ਼ਤਹਿਗੜ੍ਹ ਸਾਹਿਬ ਦੀ ਧਰਤੀ ਸਾਨੂੰ ਸਦਾ ਸੱਚ ਤੇ ਨਿਆਂ ਦੇ ਰਸਤੇ 'ਤੇ ਚੱਲਣ ਦੀ ਪੇ੍ਰਰਣਾ ਦਿੰਦੀ ਹੈ-ਗੁਲਾਬ ਚੰਦ ਕਟਾਰੀਆ

ਅਜੀਤ ਡੈਸਕ 13-04-2026
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਜਿੱਥੇ ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਅਕੀਦਤ ਭੇਟ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਛੋਟੇ ਸਾਹਿਬਜ਼ਾਦਿਆਂ ਦੀ ਹੋਈ ਸ਼ਹਾਦਤ, ਬਲੀਦਾਨ ਅਤੇ ਅਟੱਲ ਵਿਸ਼ਵਾਸ ਦਾ ਪ੍ਰਤੀਕ ਹੈ, ਜੋ ਸਾਨੂੰ ਸਦਾ ਸੱਚ ਤੇ ਨਿਆਂ ਦੇ ਰਸਤੇ 'ਤੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ | ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੇਸ਼ਵਾਸੀਆਂ ਲਈ ਉਹ ਮਹਾਨ ਤੀਰਥ ਅਸਥਾਨ ਹੈ | ਜਿੱਥੇ ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਖ਼ਾਤਰ ਸ਼ਹਾਦਤ ਦਿੱਤੀ, ਜਿਸ ਦਾ ਦੁਨੀਆ ਵਿਚ ਕੋਈ ਸਾਨੀ ਨਹੀਂ ਹੈ | ਰਾਜਪਾਲ ਨੇ ਕਿਹਾ ਕਿ ਉਨ੍ਹਾਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਮਾਨਵਤਾ ਦੀ ਭਲਾਈ ਲਈ ਹਮੇਸ਼ਾ ਮੋਹਰੀ ਹੋ ਕੇ ਕਾਰਜ ਕਰਨ ਦਾ ਆਸ਼ੀਰਵਾਦ ਲਿਆ ਹੈ | ਉਨ੍ਹਾਂ ਲੰਗਰ ਪ੍ਰਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬੀਆਂ, ਖ਼ਾਸਕਰ ਸਿੱਖ ਕੌਮ ਵਲੋਂ ਲੰਗਰ ਪ੍ਰਥਾ ਰਾਹੀਂ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਰੋਟੀ ਦੇਣ ਦਾ ਜੋ ਉਪਰਾਲਾ ਕੀਤਾ ਜਾ ਰਿਹਾ ਹੈ, ਉਸ ਦੀ ਮਿਸਾਲ ਦੁਨੀਆ ਭਰ ਵਿਚ ਕਿਧਰੇ ਵੀ ਨਹੀਂ ਮਿਲਦੀ | ਉਨ੍ਹਾਂ ਹੜ੍ਹਾਂ ਦੌਰਾਨ ਪੰਜਾਬੀਆਂ ਵਲੋਂ ਲਗਾਏ ਲੰਗਰਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜਦੋਂ ਵੀ ਦੇਸ਼ਵਾਸੀਆਂ 'ਤੇ ਕੋਈ ਸੰਕਟ ਆਇਆ ਤਾਂ ਪੰਜਾਬੀਆਂ ਨੇ ਹਮੇਸ਼ਾ ਹੀ ਮੋਹਰੀ ਹੋ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੌਰਵਮਈ ਇਤਿਹਾਸ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਵਿਚ ਸੱਚਾਈ ਅਤੇ ਇਮਾਨਦਾਰੀ ਨੂੰ ਅਪਣਾਉਣ | ਇਸ ਮੌਕੇ ਬਾਬਾ ਬਾਜ਼ ਸਿੰਘ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧ ਵਲੋਂ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਯਾਦਗਾਰੀ ਤਸਵੀਰ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਸ੍ਰੀ ਕਟਾਰੀਆਂ ਅੱਜ ਸੀ੍ਰ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਵੇਂ ਡਿਗਰੀ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਪਹੁੰਚੇ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਐਸ.ਡੀ.ਐਮ. ਅਰਵਿੰਦ ਗੁਪਤਾ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਬੀਬੀ ਹਰਜਿੰਦਰ ਕੌਰ, ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਡਾ. ਪਿ੍ਤਪਾਲ ਸਿੰਘ ਅਤੇ ਹਰਜੀਤ ਸਿੰਘ ਅਲੀਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਦਸਤਾਰ ਬੰਦੀ ਮੁਕਾਬਲਿਆਂ ਨਾਲ ਪਗੜੀ ਬੰਨ੍ਹਣ ਦਾ ਰੁਝਾਨ ਵਧਿਆ- ਬਲਵੀਰ ਸਿੰਘ ਫੋਰਮੈਨ ਅਗਲੀ ਖ਼ਬਰ ਰਾਣਾ ਹਸਪਤਾਲ ਖਮਾਣੋਂ ਵਿਖੇ ਲੀਵਰ ਦੀ ਫਾਈਬਰੋ ਸਕੈਨ ਦਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।