ਫ਼ਤਹਿਗੜ੍ਹ ਸਾਹਿਬ, 23 ਜੂਨ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ਼ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਰਾਜਿੰਦਰ ਸਿੰਘ ਨੂੰ ਖ਼ਾਸ ਮੁਖ਼ਬਰ ਤੋਂ ਇਤਲਾਹ ਮਿਲੀ ਸੀ, ਕਿ ਦੋ ਵਿਅਕਤੀ ਚੋਰੀ ਦੇ ਮੋਟਰਸਾਈਕਲ ਸਮੇਤ ਅੰਬਾਲਾ ਸਾਈਡ ਤੋਂ ਸਰਹਿੰਦ ਵੱਲ ਆ ਰਹੇ ਹਨ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਜਿਸ ’ਤੇ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਨੰਬਰ ਐਚ.ਆਰ 01 ਏ.ਈ 9361 ਨੂੰ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਕਾਬੂ ਕਰਕੇ ਪੁਲਿਸ ਨੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ। ਪੁਲਿਸ ਨੂੰ ਉਕਤ ਵਿਅਕਤੀਆਂ ਦੀ ਪਹਿਚਾਣ ਵਿਕਾਸ ਸਿੰਘ ਵਾਸੀ ਇਕਬਾਲ ਨਗਰ ਗੋਬਿੰਦਗੜ੍ਹ ਤੇ ਹਰੀਸ ਸਿੰਘ ਵਾਸੀ ਮਹਿੰਦੀਗੰਜ ਜ਼ਿਲ੍ਹਾ ਰਾਏ ਬਰੇਲੀ, ਉਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।