ਫ਼ਤਹਿਗੜ੍ਹ ਸਾਹਿਬ, 23 ਜੂਨ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ਪੀ.ਐਮ.ਐਸ.ਐਮ.ਏ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ’ ਦਿਵਸ ਮੌਕੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ, ਕੈਂਪ ਵਿਚ ਔਰਤ ਰੋਗਾਂ ਦੇ ਮਾਹਿਰ ਡਾਕਟਰਾਂ ਵਲੋਂ ਵਿਸ਼ੇਸ਼ ਜੱਚਾ ਬੱਚਾ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਜ਼ਿਲ੍ਹਾ ਹਸਪਤਾਲ ਵਿਚ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਜੱਚਾ-ਬੱਚਾ ਦੀ ਸਿਹਤ ਜਾਂਚ ਅਤੇ ਸਿਹਤ ਜਾਗਰੂਕਤਾ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਤਾਂ ਕਿ ਹਾਈ ਰਿਸਕ ਕੇਸਾਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਦੇ ਜਣੇਪੇ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਸਕਣ। ਡਾ. ਬੇਦੀ ਨੇ ਕਿਹਾ ਕਿ ਗਰਭਵਤੀ ਔਰਤਾਂ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿਚ ਕਰਵਾਉਣਾ ਯਕੀਨੀ ਬਣਾਉਣ, ਕਿਉਂਕਿ ਜ਼ਿਲ੍ਹਾ ਹਸਪਤਾਲ ਵਿਚ ਸਰਕਾਰ ਵਲੋਂ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗਰਭਵਤੀਆਂ ਨੂੰ ਪ੍ਰੈਗਨੈਂਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰੀ ਕੇਂਦਰਾਂ ਵਿਚ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਗਰਭਵਤੀਆਂ ਦੇ ਦੋ ਅਲਟਰਾਸਾਂਊਡ ਵੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਬੱਚਿਆਂ ਦੇ ਮਾਹਿਰ ਡਾ. ਸਤਵਿੰਦਰ ਸਿੰਘ ਨੇ ਨਵ ਜੰਮੇ ਬੱਚਿਆਂ ਦੀ ਸਿਹਤ ਸੰਭਾਲ ਕਰਨ ਦੇ ਤਰੀਕਿਆਂ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸ਼ੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਕੌਂਸਲਰ ਬਲਜੀਤ ਸਿੰਘ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਗਰਭਵਤੀ ਔਰਤਾਂ ਹਾਜ਼ਰ ਸਨ।