ਮੰਡੀ ਗੋਬਿੰਦਗੜ੍ਹ, 23 ਜੂਨ (ਇਕਬਾਲਦੀਪ ਸੰਧੂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਨਵੀਨਰ ਜਗਵਿੰਦਰ ਸਿੰਘ ਗਰੇਵਾਲ ਅਤੇ ਕੋ ਕਨਵੀਨਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ 24 ਜੂਨ ਨੂੰ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀਆਂ ਰੈਲੀਆਂ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਭਰਵੀਂ ਸ਼ਮੂਲੀਅਤ ਕਰੇਗਾ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋ ਪੈਂਡਿੰਗ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲ ਕਰਨਾ, 18 ਫ਼ੀਸਦੀ ਪੈਂਡਿੰਗ ਡੀ.ਏ ਤੁਰੰਤ ਜਾਰੀ ਕਰਨ, 2020 ਤੋਂ ਬਾਅਦ ਦੇ ਮੁਲਾਜ਼ਮਾਂ ਉੱਪਰ ਲਾਏ ਨਵੇਂ ਪੇਅ ਸਕੇਲ ਵਾਪਸ ਲੈਣੇ, ਪੇਂਡੂ ਭੱਤਾ, ਬਾਰਡਰ ਭੱਤਾ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨੇ, 3-7-11-15 ਦੀ ਏ.ਸੀ.ਪੀ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਪੂਰੀਆਂ ਕਰਨ ਤੋਂ ਸਰਕਾਰ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਕੰਪਿਊਟਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, ਕੱਚੇ ਅਧਿਆਪਕ ਅਤੇ ਐਨ.ਐਸ.ਕਿਊ.ਐਫ ਅਧਿਆਪਕ ਪੂਰੇ ਸਕੇਲਾਂ ਵਿਚ ਸਿੱਖਿਆ ਵਿਭਾਗ ਵਿਚ ਮਰਜ਼ ਕਰਨ, ਪ੍ਰੋਬੇਸ਼ਨ ਪੀਰੀਅਡ ਦੌਰਾਨ ਬੇਸਿਕ ਪੇਅ ਦੇਣ ਵਾਲਾ ਮੁਲਾਜ਼ਮ ਮਾਰੂ 15-1-15 ਦਾ ਲੈਟਰ ਵਾਪਸ ਲੈਣਾ, 200 ਰੁਪਏ ਕੱਟਿਆ ਜਾਂਦਾ ਵਿਕਾਸ ਫ਼ੰਡ ਵਾਪਸ ਲੈਣਾ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਮੁਲਾਜ਼ਮ ਇਕ ਮੰਚ ’ਤੇ ਇਕੱਠੇ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਉੱਪਰ ਗ਼ੈਰ ਵਿੱਦਿਅਕ ਕੰਮਾਂ ਦਾ ਬੋਝ ਪਾ ਕੇ ਉਨ੍ਹਾਂ ਨੂੰ ਸਿੱਖਿਆ ਦੇ ਕੰਮ ਤੋਂ ਦੂਰ ਕੀਤਾ ਜਾ ਰਿਹਾ ਹੈ, ਜਿਸ ਨਾਲ ਅਧਿਆਪਕਾਂ ਵਿਚ ਗ਼ੁੱਸੇ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਜਿਸ ਤਹਿਤ ਸੂਬਾ ਪੱਧਰ ’ਤੇ ਸਮੂਹ ਮੰਤਰੀਆਂ ਦੇ ਘਰਾਂ ਅੱਗੇ 1 ਤੋਂ 10 ਜੁਲਾਈ ਤੱਕ ਧਰਨੇ ਦਿੱਤੇ ਜਾਣਗੇ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ। ਉਕਤ ਆਗੂਆਂ ਨੇ ਕਿਹਾ ਸਰਕਾਰ ਵਲੋਂ ਇਸ਼ਤਿਹਾਰਾਂ ਰਾਹੀਂ ਪੰਜਾਬ ਦੇ ਖ਼ਜ਼ਾਨੇ ਦਾ ਉਜਾੜਾ ਕੀਤਾ ਜਾ ਰਿਹਾ ਹੈ, ਪਰ ਪੰਜਾਬ ਦੇ ਮੁਲਾਜ਼ਮ ਆਪਣੇ ਹੱਕਾਂ ਲਈ ਨਿੱਤ ਦਿਨ ਸੜਕਾਂ ’ਤੇ ਉੱਤਰ ਰਹੇ ਹਨ। ਆਗੂਆਂ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਹੀ ਬਾਕੀ ਹਨ ਅਤੇ ਮੁਲਾਜ਼ਮਾਂ ਨਾਲ ਸਰਕਾਰ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਦਾ ਨਤੀਜਾ ਵਿਧਾਨ ਸਭਾ ਚੋਣਾਂ ਵਿਚ ਵੇਖਣ ਨੂੰ ਮਿਲੇਗਾ।