13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੰਬਿਤ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ, ਸੀਵਰਮੈਨਾਂ ਤੇ ਹੋਰ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿਚ ਦਾਖ਼ਲ

ਅਜੀਤ ਡੈਸਕ 10-07-2026
ਫ਼ਤਹਿਗੜ੍ਹ ਸਾਹਿਬ, 9 ਜੁਲਾਈ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ਤਹਿਤ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ, ਸੀਵਰਮੈਨਾਂ ਤੇ ਹੋਰ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਗਈ ਕੰਮ ਛੱਡ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਮੌਕੇ ਗੱਲਬਾਤ ਕਰਦਿਆਂ ਯੂਨੀਅਨ ਪ੍ਰਧਾਨ ਰਾਜੇਸ਼ ਕੁਮਾਰ ਵਿੱਕੀ ਨੇ ਦੱਸਿਆ ਪੰਜਾਬ ਦੇ ਮਿਊਂਸੀਪਲ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਹੋਣ ਦੇ ਰੋਸ ਵਜੋਂ 8 ਜੁਲਾਈ ਤੋਂ ਸੂਬੇ ਭਰ ਵਿਚ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਕਾਫ਼ੀ ਸਮੇਂ ਤੋਂ ਪੈਂਡਿੰਗ ਪਈਆਂ ਹਨ, ਪਰ ਸਰਕਾਰ ਵਲੋਂ ਲਗਾਤਾਰ ਲਾਰੇ-ਲੱਪੇ ਲਗਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਮੰਗ ਦਾ ਠੋਸ ਨਿਪਟਾਰਾ ਨਹੀਂ ਕੀਤਾ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਸੂਬਾ ਪੱਧਰੀ ਕਮੇਟੀ ਦੇ ਫ਼ੈਸਲੇ ਅਨੁਸਾਰ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਮਿਊਂਸੀਪਲ ਵਿਭਾਗ ਦੀਆਂ ਸਮੂਹ ਕੈਟਾਗਰੀਆਂ ਦੇ ਮੁਲਾਜ਼ਮਾਂ ਨੇ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਧਰਨੇ ਵਿਚ ਹਰਪ੍ਰੀਤ ਸਿੰਘ ਪ੍ਰਧਾਨ ਡਰਾਈਵਰ ਯੂਨੀਅਨ, ਖ਼ਜ਼ਾਨਚੀ ਹਰਵਿੰਦਰ ਸਿੰਘ, ਚੇਅਰਮੈਨ ਰਾਜਿੰਦਰ ਸਿੰਘ, ਉਪ ਪ੍ਰਧਾਨ ਰਾਜ ਕੁਮਾਰ ਰਾਜੂ, ਬਬਲੀ ਸਲਾਹਕਾਰ, ਪੈ੍ੱਸ ਸਕੱਤਰ ਹਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ਨਾਬਾਲਗਾ ਨਾਲ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਕੀਤੀ ਮੰਗ ਅਮਲੋਹ ਵਿਖੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਖ਼ਿਲਾਫ਼ ਫ਼ਤਹਿਗੜ੍ਹ ਸਾਹਿਬ ਦੇ ਵਕੀਲਾਂ ਦੀ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।