19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਸਰਚ ਆਪ੍ਰੇਸ਼ਨ 1930 ਕੇਸ ਦਰਜ, 4130 ਨਸ਼ਾ ਤਸਕਰ ਗ੍ਰਿਫ਼ਤਾਰ, 2000 ਨਸ਼ਾ ਪੀੜਤਾਂ ਦਾ ਕਰਵਾਇਆ ਇਲਾਜ- ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ

ਅਜੀਤ ਡੈਸਕ 16-07-2026
ਮੰਡੀ ਗੋਬਿੰਦਗੜ੍ਹ, 15 ਜੁਲਾਈ (ਰਾਜੇਸ਼ ਸ਼ਰਮਾ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ’ਚ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਅਗਰਸੈਨ ਪਾਰਕ, ਮਾਸਟਰ ਕਾਲੋਨੀ, ਢੇਹਾ ਬਸਤੀ, ਦੁਸਹਿਰਾ ਗਰਾਊਂਡ ਸਮੇਤ ਹੋਰ ਇਲਾਕਿਆਂ ’ਚ ਡੀ.ਐੱਸ.ਪੀ ਅਤੇ ਐੱਸ.ਐੱਚ.ਓ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਮੌਕੇ ਸ਼ੁਭਮ ਅਗਰਵਾਲ ਨੇ ਕਿਹਾ ਕਿ 1 ਮਾਰਚ 2025 ਤੋਂ ਸ਼ੁਰੂ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 1930 ਐੱਫ.ਆਈ.ਆਰ. ਦਰਜ ਕਰਕੇ ਕਰੀਬ 4130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਸ਼ੇ ਦੀ ਲਤ ਦਾ ਸ਼ਿਕਾਰ ਲਗਪਗ 2000 ਵਿਅਕਤੀਆਂ ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਤਹਿਤ ਡੀ-ਐਡੀਕਸ਼ਨ ਕੇਂਦਰਾਂ ਵਿਚ ਇਲਾਜ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਹੁਨਰ ਵਿਕਾਸ ਦੀ ਸਿਖਲਾਈ ਦੇ ਕੇ ਕਈਆਂ ਨੂੰ ਉਦਯੋਗਿਕ ਇਕਾਈਆਂ ਦੇ ਸਹਿਯੋਗ ਨਾਲ ਮੁੜ ਰੁਜ਼ਗਾਰ ਵੀ ਦਿਵਾਇਆ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਨਾਲ-ਨਾਲ ਗੈਂਗਸਟਰਾਂ ਖ਼ਿਲਾਫ਼ ਵੀ ਲਗਾਤਾਰ ਕਾਰਵਾਈ ਜਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਨਸ਼ਾ ਤਸਕਰ ਬਾਰੇ ਜਾਣਕਾਰੀ ਹੋਵੇ ਤਾਂ ਉਹ ‘ਸੇਫ ਪੰਜਾਬ’ ਹੈਲਪਲਾਈਨ, 112 ਜਾਂ ਕਿਸੇ ਵੀ ਪੁਲਿਸ ਅਧਿਕਾਰੀ ਨੂੰ ਸੂਚਿਤ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਦੀਆਂ ਟੀਮਾਂ 24 ਘੰਟੇ ਨਿਗਰਾਨੀ ਕਰ ਰਹੀਆਂ ਹਨ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੰਡੀ ਗੋਬਿੰਦਗੜ੍ਹ ’ਚ ਹਾਲ ਹੀ ਵਿਚ ਮਿਲੀਆਂ ਲਾਸ਼ਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਰਿਵਾਰਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ। ਉਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮੰਡੀ ਗੋਬਿੰਦਗੜ੍ਹ ਨੂੰ ਨਸ਼ੇ ਦਾ ਕੇਂਦਰ ਦੱਸਣ ਸਬੰਧੀ ਉਨ੍ਹਾਂ ਕਿਹਾ ਕਿ ਮਾਸਟਰ ਕਾਲੋਨੀ ਅਤੇ ਢੇਹਾ ਬਸਤੀ ਵਰਗੇ ਹਾਟਸਪਾਟ ਇਲਾਕਿਆਂ ਵਿਚ ਸਖ਼ਤ ਕਾਰਵਾਈ ਕਾਰਨ ਨਸ਼ੇ ਦਾ ਕਾਰੋਬਾਰ ਕਾਫ਼ੀ ਹੱਦ ਤੱਕ ਠੱਪ ਹੋਇਆ ਹੈ। ਜੇਕਰ ਕੋਈ ਵਿਅਕਤੀ ਕਿਸੇ ਇਲਾਕੇ ਨੂੰ ਬਦਨਾਮ ਕਰਨ ਲਈ ਅਫ਼ਵਾਹਾਂ ਫੈਲਾਉਂਦਾ ਹੈ ਜਾਂ ਬਲੈਕਮੇਲਿੰਗ ਕਰਦਾ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਅਧਿਕਾਰਤ ਜਾਣਕਾਰੀ ’ਤੇ ਹੀ ਵਿਸ਼ਵਾਸ ਕਰਨ। ਗੈਰ-ਕਾਨੂੰਨੀ ਉਸਾਰੀਆਂ ’ਤੇ ਹੋਈ ਬੁਲਡੋਜ਼ਰ ਕਾਰਵਾਈ ਸਬੰਧੀ ਐਸ.ਐਸ.ਪੀ. ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ 10 ਤੋਂ ਵੱਧ ਬੁਲਡੋਜ਼ਰ ਕਾਰਵਾਈਆਂ ਕੀਤੀਆਂ ਗਈਆਂ ਹਨ। ਜਿੱਥੇ ਵੀ ਦੁਬਾਰਾ ਗ਼ੈਰ-ਕਾਨੂੰਨੀ ਕਬਜ਼ੇ ਜਾਂ ਉਸਾਰੀਆਂ ਹੋਣ ਦੀ ਸੂਚਨਾ ਮਿਲੇਗੀ, ਉੱਥੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਮੁੜ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੀ ਸਹੂਲਤ ਮਿਲਣ ’ਤੇ ਵੱਡੀ ਰਾਹਤ ਮਿਲ ਰਹੀ ਹੈ-ਵਿਧਾਇਕ ਲਖਵੀਰ ਸਿੰਘ ਰਾਏ ਪਿੰਡ... ਅਗਲੀ ਖ਼ਬਰ ਸਿੱਧ ਪੀਠ ਬਾਬਾ ਜੰਬੂ ਜ਼ੀਤ ਦੇ ਮਹਾਂਉਤਸਵ ’ਤੇ ਸਲਾਨਾ ਮੇਲਾ ਭਲਕੇ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।