06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਜਲਦ ਕੀਤਾ ਜਾਵੇਗਾ ਐਲਾਨ-ਬਾਪੂ ਤਰਸੇਮ ਸਿੰਘ ਨੰਦਪੁਰ ਕਲੋੜ ਵਿਖੇ ਵਿਸ਼ਾਲ ਇਕੱਠ, ਭਾਨਾ ਸਿੱਧੂ ਤੇ ਬਾਪੂ ਤਰਸੇਮ ਸਿੰਘ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 20-07-2026
ਬਸੀ ਪਠਾਣਾਂ, 19 ਜੁਲਾਈ (ਰਾਜਿੰਦਰ ਸ਼ਰਮਾ)-ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਲਕਾ ਬਸੀ ਪਠਾਣਾਂ ਦੇ ਨੰਦਪੁਰ ਕਲੋੜ ਵਿਖੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਕੋਟਲਾ ਦੀ ਅਗਵਾਈ ਹੇਠ ਇਕ ਵਿਸ਼ਾਲ ਰਾਜਨੀਤਿਕ ਇਕੱਠ ਕਰਵਾਇਆ। ਸਮਾਗਮ ਦੌਰਾਨ ਵਾਰਿਸ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਧਰਮੀ ਪਿਤਾ ਬਾਪੂ ਤਰਸੇਮ ਸਿੰਘ ਅਤੇ ਉੱਘੇ ਆਗੂ ਭਾਨਾ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਤੇ ਰਸੂਖਦਾਰ ਸਿਆਸਤਦਾਨਾਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਕਮਾਨ ਉਨ੍ਹਾਂ ਲੋਕਾਂ ਦੇ ਹੱਥਾਂ ਵਿਚ ਹੋਵੇਗੀ ਜਿਨ੍ਹਾਂ ਦੇ ਪੁਰਖਿਆਂ ਨੇ ਕੌਮ ਅਤੇ ਪੰਜਾਬ ਲਈ ਸ਼ਹੀਦੀਆਂ ਅਤੇ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਉਹ ਇਕ ਨਵਾਂ ਬਦਲਾਅ ਲਿਆ ਸਕਣ। ਬਾਪੂ ਤਰਸੇਮ ਸਿੰਘ ਨੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਆਉਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਦਾ ਜਲਦ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੇ ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ’ਤੇ ਇਹ ਵਾਅਦੇ ਪੂਰੇ ਨਹੀਂ ਹੋਏ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਸਮਾਜ ਸੇਵਕ ਭਾਨਾ ਸਿੱਧੂ ਨੇ ਆਪਣੇ ਸੰਬੋਧਨ ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੇ ਮਾਮਲੇ ਨੂੰ ਉਠਾਇਆ। ਹਲਕੇ ਦੇ ਸੀਨੀਅਰ ਆਗੂ ਪਵਿੱਤਰ ਸਿੰਘ ਖ਼ਾਲਸਾ ਨੇ ਹਲਕਾ ਬਸੀ ਪਠਾਣਾਂ ਤੋਂ ਪਾਰਟੀ ਦੀ ਸੇਵਾ ਨਿਭਾਉਣ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ। ਸਮਾਗਮ ’ਚ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਲੋਕ, ਨੌਜਵਾਨ, ਮਹਿਲਾਵਾਂ ਅਤੇ ਪਾਰਟੀ ਵਰਕਰ ਸ਼ਾਮਿਲ ਹੋਏ। ਸਮਾਗਮ ’ਚ ਵਾਰਿਸ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਅਹੁਦੇਦਾਰ ਤੇ ਆਗੂ ਵੀ ਮੌਜੂਦ ਰਹੇ। ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਕੋਟਲਾ ਤੇ ਹਲਕਾ ਬਸੀ ਪਠਾਣਾਂ ਦੇ ਸੀਨੀਅਰ ਆਗੂ ਪਵਿੱਤਰ ਸਿੰਘ ਖ਼ਾਲਸਾ ਨੇ ਸਮਾਗਮ ’ਚ ਪਹੁੰਚੇ ਸਾਰੇ ਆਗੂਆਂ, ਵਰਕਰਾਂ ਤੇ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ’ਚ ਵੱਖ-ਵੱਖ ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਨਾਲ ਸੰਬੰਧਿਤ ਵਾਰਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਅਮਰਜੀਤ ਸਿੰਘ ਵੰਨਚਿੜੀ, ਪਰਮਜੀਤ ਸਿੰਘ ਜੌਹਲ, ਕੋਆਰਡੀਨੇਟਰ ਹਰਭਜਨ ਸਿੰਘ ਤੁੜ, ਲਖਵੀਰ ਸਿੰਘ ਸੌਂਟੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਅਮਰਿੰਦਰ ਸਿੰਘ ਲਿਬੜਾ, ਰਜਿੰਦਰ ਸਿੰਘ ਤਲਵੰਡੀ ਆਦਿ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਸ਼ਾਮਿਲ ਸਨ।
ਪਿਛਲੀ ਖ਼ਬਰ ਸ਼ਰਾਬ ਦੀਆਂ ਪੇਟੀਆਂ ਸਮੇਤ ਕਾਰ ਸਵਾਰ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ ਅਗਲੀ ਖ਼ਬਰ ਪੰਥ ਰਤਨ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਾਲ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।