09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆ ਨੂੰ ਤਰਜੀਹ ਨਾਲ ਹੱਲ ਕਰਨ ਲਈ ਕਮਿਸ਼ਨ ਵਚਨਬੱਧ-ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪਿੰਡਾਂ ਤੇ ਸ਼ਹਿਰਾਂ ’ਚ ਕਬਰਸਤਾਨ ਦੀਆਂ ਥਾਵਾਂ ਦੇ ਦਾਇਰੇ ਨੂੰ ਵਧਾਇਆ ਜਾਵੇਗਾ-ਜਤਿੰਦਰ ਮਸੀਹ ਗੌਰਵ

ਅਜੀਤ ਡੈਸਕ 28-07-2026
ਫ਼ਤਹਿਗੜ੍ਹ ਸਾਹਿਬ, 27 ਜੁਲਾਈ (ਬਲਜਿੰਦਰ ਸਿੰਘ)-ਸਥਾਨਕ ਬਚਤ ਭਵਨ ਵਿਖੇ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਜਤਿੰਦਰ ਮਸੀਹ ਗੌਰਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਸੰਬੰਧ ਵਿਚ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਈਸਾਈ, ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮ੍ਰਿਤਕ ਸਰੀਰ ਨੂੰ ਦਫ਼ਨਾਉਣ ਲਈ ਆ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਕਬਰਸਤਾਨਾਂ ਦੀਆਂ ਥਾਵਾਂ ’ਤੇ ਜਿਥੇ ਕੋਈ ਨਾਜਾਇਜ਼ ਕਬਜ਼ਾ ਹੋਇਆ ਹੋਵੇ ਤਾਂ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤੇ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਮ੍ਰਿਤਕ ਦੇਹ ਨੂੰ ਦਫ਼ਨਾਉਣ ਵੇਲੇ ਕੋਈ ਮੁਸ਼ਕਿਲ ਨਾ ਹੋਵੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਤੇ ਪਿੰਡਾਂ ਵਿਚ ਜਿੱਥੇ ਕਬਰਸਤਾਨ ਦੀ ਥਾਂ ਨਹੀਂ ਹੈ ਉੱਥੇ ਥਾਂ ਦਾ ਪ੍ਰਬੰਧ ਕਰਨ ਲਈ ਪਹਿਲਕਦਮੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਅਤੇ ਜ਼ਿਲ੍ਹਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਘੱਟ ਗਿਣਤੀ ਵਰਗ ਦੇ ਲੋਕਾਂ ਦੇ ਸਾਂਝੇ ਪ੍ਰੋਗਰਾਮਾਂ ਵਾਸਤੇ ਕਮਿਊਨਟੀ ਸੈਂਟਰ ਅਤੇ ਧਰਮਸ਼ਾਲਾ ਲਈ ਜਗ੍ਹਾ ਅਲਾਟ ਕਰਨ ਲਈ ਵੀ ਉਪਰਾਲੇ ਕੀਤੇ ਜਾਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕ ਆਪੋ ਆਪਣੇ ਧਰਮ ਦਾ ਪ੍ਰਚਾਰ ਕਰ ਸਕਦੇ ਹਨ ਪਰ ਘੱਟ ਗਿਣਤੀ ਕਮਿਸ਼ਨ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ ਕਿ ਕੋਈ ਧਰਮ ਦੇ ਨਾਂਅ ’ਤੇ ਆਪਸੀ ਭਾਈਚਾਰੇ ਨੂੰ ਭੰਗ ਕਰੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਜੇ ਕੋਈ ਵੀ ਸ਼ਰਾਰਤੀ ਅਨਸਰ ਧਰਮ ਦੇ ਨਾਂਅ ’ਤੇ ਘੱਟ ਗਿਣਤੀ ਭਾਈਚਾਰੇ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਨੇ ਚੇਅਰਮੈਨ ਨੂੰ ਵਿਸ਼ਵਾਸ ਦੁਆਇਆ ਕਿ ਜੋ ਵੀ ਮਸਲੇ ਇਸ ਮੀਟਿੰਗ ਵਿਚ ਵਿਚਾਰੇ ਗਏ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦ ਕੀਤਾ ਜਾਵੇਗਾ ਤੇ ਘੱਟ ਗਿਣਤੀ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਭਵਿੱਖ ਵਿਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ. ਪੀ. ਹਰਵੰਤ ਕੌਰ, ਐਸ. ਡੀ. ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ. ਡੀ. ਐਮ. ਬਸੀ ਪਠਾਣਾ ਦੀਪਜੋਤ ਕੌਰ, ਐਸ. ਡੀ. ਐਮ. ਅਮਲੋਹ ਹਰਵੀਰ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਮੁਕਲ ਬਾਵਾ, ਸਮੂਹ ਕਾਰਜ ਸਾਧਕ ਅਫ਼ਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੀ. ਆਈ. ਏ. ਸਟਾਫ਼ ਸਰਹਿੰਦ ਦੀ ਪਾਰਟੀ ਦੁਆਰਾ ਚੋਰੀ ਦੇ 2 ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਬੂਥ ਪੱਧਰ ਦੀਆਂ ਮੀਟਿੰਗਾਂ ਵਿਚ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਪਾਰਟੀ ਲਈ ਸ਼ੁੱਭ ਸੰਕੇਤ-ਦਰਬਾਰਾ ਸਿੰਘ ਗੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।