22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

‘ ਪੰਜਾਬ ਬੰਦ ’ ਦੇ ਸੱਦੇ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਮਿਲਿਆ ਭਰਵਾਂ ਹੁੰਗਾਰਾ

ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਉਣ ਲਈ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸ਼ਹਿਰਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਜਿਸ ਦੌਰਾਨ ਉਦਯੋਗਿਕ, ਵਪਾਰਿਕ, ਸਿੱਖਿਆ ਅਦਾਰਿਆਂ ਤੋਂ ਇਲਾਵਾ ਆਮ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਤੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੱਤਾ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਰਣਜੀਤ ਸਿੰਘ ਚਨਾਰਥਲ ਦੀ ਅਗਵਾਈ ਹੇਠ ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਰੁੜਕੀ ਵਿਖੇ ਲਗਾਏ ਧਰਨੇ ਦਾ ਦ੍ਰਿਸ਼। ਤਸਵੀਰ : ਨਿਰਭੈ ਸਿੰਘ 22-08-2026
ਫ਼ਤਹਿਗੜ੍ਹ ਸਾਹਿਬ, 21 ਅਗਸਤ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾਉਣ ਲਈ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਸ਼ਹਿਰਾਂ ਵਿਚ ਭਰਵਾਂ ਹੁੰਗਾਰਾ ਮਿਲਿਆ। ਜਿਸ ਦੌਰਾਨ ਉਦਯੋਗਿਕ, ਵਪਾਰਿਕ, ਸਿੱਖਿਆ ਅਦਾਰਿਆਂ ਤੋਂ ਇਲਾਵਾ ਆਮ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਤੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਨੂੰ ਪੂਰਨ ਸਮਰਥਨ ਦਿੱਤਾ। ਇਸੇ ਤਰ੍ਹਾਂ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਚ ਵੀ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਸਬਜ਼ੀ ਤੇ ਫਲਾਂ ਦੀਆਂ ਰੇਹੜੀਆਂ ਲਗਾਉਣ ਵਾਲੇ ਵਿਕੇ੍ਰਤਾਵਾਂ ਨੇ ਵੀ ਪੰਜਾਬ ਬੰਦ ਦਾ ਪੂਰਨ ਸਮਰਥਨ ਦਿੱਤਾ, ਜਿਸ ਨਾਲ ਆਵਾਜਾਈ ਘੱਟ ਰਹਿਣ ਕਰਕੇ ਸੜਕਾਂ ’ਤੇ ਵੀ ਸੰਨਾਟਾ ਛਾਇਆ ਰਿਹਾ। ਇਸ ਦੌਰਾਨ ਸਰਹਿੰਦ ਵਿਚ ਜਿਹੜੇ ਮਾਲ ਜਾਂ ਦੁਕਾਨਾਂ ਖੁੱਲ੍ਹੀਆਂ ਸਨ, ਉਨ੍ਹਾਂ ਨੂੰ ਪੰਥਕ ਆਗੂਆਂ ਨੇ ‘ਪੰਜਾਬ ਬੰਦ’ ਵਿਚ ਸਹਿਯੋਗ ਕਰਨ ਦੀ ਅਪੀਲ ਕਰਕੇ ਸ਼ਾਂਤਮਈ ਢੰਗ ਨਾਲ ਬੰਦ ਕਰਵਾਇਆ। ਇਸੇ ਦੌਰਾਨ ਬੰਦੀ ਸਿੰਘ ਰਿਹਾਈ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਪੰਥਕ ਜਥੇਬੰਦੀਆਂ ਵਲੋਂ ਕੌਮੀ ਰਾਜ ਮਾਰਗ ’ਤੇ ਪੈਂਦੇ ਸਰਹਿੰਦ ਮਾਧੋਪੁਰ ਚੌਕ ਨੇੜੇ ਮੁਕੰਮਲ ਆਵਾਜਾਈ ਠੱਪ ਕਰਕੇ ਸਵੇਰ ਤੋਂ ਦੁਪਹਿਰ 2 ਵਜੇ ਤੱਕ ਜ਼ਬਰਦਸਤ ਧਰਨਾ ਦਿੱਤਾ। ਧਰਨੇ ਵਿਚ ਪੰਥ ਦੀਆਂ ਸਮੂਹ ਧਿਰਾਂ ਤੇ ਸੰਗਤਾਂ ਨੇ ਵੱਧ-ਚੜ੍ਹ ਕੇ ਸਹਿਯੋਗ ਦਿੱਤਾ। ਧਰਨੇ ਦੌਰਾਨ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਵਾਲੇ ਵਾਹਨ (ਜਿਵੇਂ ਕਿ ਐਂਬੂਲੈਂਸ ਆਦਿ) ਨੂੰ ਨਹੀਂ ਰੋਕਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜਾਲੀ ਨੇ ਆਖਿਆ ਕਿ ਇਸ ਬੰਦ ਦੀ ਸਫਲਤਾ ਨੇ ਪੰਜਾਬ ਅੰਦਰ ਆਪਸੀ ਭਾਈਚਾਰਕ ਸਾਂਝ ਦਾ ਇਕ ਵੱਡਾ ਸੁਨੇਹਾ ਸਰਕਾਰਾਂ ਨੂੰ ਦਿੱਤਾ ਹੈ। ਉਨ੍ਹਾਂ ਤਾੜਨਾ ਕਰਦਿਆਂ ਆਖਿਆ ਕਿ ਜੇਕਰ ਸਰਕਾਰਾਂ ਨੇ ਹਾਲੇ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਕੈਦ ‘ਬੰਦੀ ਸਿੰਘਾਂ’ ਨੂੰ ਰਿਹਾਅ ਨਾ ਕੀਤਾ, ਤਾਂ ਇਸ ਨਾਲ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਰੋਸ ਧਰਨੇ ਵਿਚ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਤੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ, ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਬ), ਹਰਵਿੰਦਰ ਸਿੰਘ ਬੱਬਲ, ਮਨਦੀਪ ਸਿੰਘ ਤਰਖਾਣ ਮਾਜਰਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਹਰਵੇਲ ਸਿੰਘ ਮਾਧੋਪੁਰ ਸੂਬਾ ਪ੍ਰਧਾਨ ਐਸ.ਸੀ ਵਿੰਗ (ਪੁਨਰ ਸੁਰਜੀਤ), ਲਖਬੀਰ ਸਿੰਘ ਕੋਟਲਾ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ, ਗੁਰਸ਼ਰਨ ਸਿੰਘ ਬਾਜਵਾ, ਲਵਪ੍ਰੀਤ ਸਿੰਘ ਪੰਜੋਲੀ, ਮਹਿੰਦਰਜੀਤ ਸਿੰਘ ਖਰੌੜੀ, ਸੁਰਿੰਦਰ ਸਿੰਘ ਸੁਹਾਗਹੇੜੀ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਮਨਜੀਤ ਸਿੰਘ ਸੁਹਾਗਹੇੜੀ, ਗੁਰਦੇਵ ਸਿੰਘ ਭਮਾਰਸੀ, ਗੁਰਨਾਮ ਸਿੰਘ ਪਟਿਆਲਾ, ਸਤਨਾਮ ਸਿੰਘ ਪੰਜੋਲੀ, ਜਸਵੰਤ ਸਿੰਘ ਛਲੇੜੀ, ਕਰਮ ਸਿੰਘ, ਨਵਪ੍ਰੀਤ ਸਿੰਘ ਪੰਜੋਲੀ, ਹਰਿੰਦਰ ਸਿੰਘ ਗੋਲਡੀ, ਅਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕਾਕਾ, ਸਮੇਤ ਵੱਡੀ ਗਿਣਤੀ ਵਿਚ ਪੰਥਕ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਪੰਥਕ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕੀਤਾ ਜਾਣਾ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ ਹੈ। ਇਸ ਲਈ ਸਰਕਾਰਾਂ ਨੂੰ ਬਿਨਾ ਸ਼ਰਤ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਸਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਸੀ। ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਦਿੱਤਾ ਸਮਰਥਨ ਜਖਵਾਲੀ, 21 ਅਗਸਤ (ਨਿਰਭੈ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਇਲਾਕੇ ਦੇ ਕਿਸਾਨਾਂ ਵਲੋਂ ਸਰਹਿੰਦ-ਪਟਿਆਲਾ ਰੋਡ ਦੇ ਰੁੜਕੀ ਬੱਸ ਅੱਡੇ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਮਰਥਨ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਤੇ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮਜ਼ਬੂਤੀ ਨਾਲ ਉਠਾਇਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਤੇ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਰਣਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਦੀ ਰਿਹਾਈ ਮਨੁੱਖੀ ਅਧਿਕਾਰਾਂ ਤੇ ਇਨਸਾਫ਼ ਦਾ ਗੰਭੀਰ ਮਸਲਾ ਹੈ। ਉਨ੍ਹਾਂ ਖ਼ਾਸ ਤੌਰ ’ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਾਤਾ ਜੀ ਬੀਮਾਰ ਹਨ ਤੇ ਆਪਣੇ ਪੁੱਤਰ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਮਾਂ ਲਈ ਆਪਣੇ ਪੁੱਤਰ ਨੂੰ ਮਿਲਣ ਦੀ ਇਹ ਉਡੀਕ ਬਹੁਤ ਹੀ ਦਰਦਨਾਕ ਅਤੇ ਮਨੁੱਖੀ ਪੱਖੋਂ ਗੰਭੀਰ ਮਾਮਲਾ ਹੈ। ਚਨਾਰਥਲ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਦੀ ਇਹ ਲੜਾਈ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ, ਸਗੋਂ ਇਨਸਾਫ਼, ਮਨੁੱਖੀ ਅਧਿਕਾਰਾਂ ਤੇ ਕਾਨੂੰਨੀ ਹੱਕਾਂ ਦੀ ਲੜਾਈ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਬਣਦੇ ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਅਨੁਸਾਰ ਤੁਰੰਤ ਫ਼ੈਸਲਾ ਕੀਤਾ ਜਾਵੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਜ਼ਿਲ੍ਹਾ ਖ਼ਜ਼ਾਨਚੀ ਬਲਦੀਪ ਸਿੰਘ ਬਧੌਛੀ, ਜਥੇਬੰਦਕ ਲਖਵੀਰ ਸਿੰਘ ਗੋਲੂ ਪੰਜੋਲੀ, ਬਲਾਕ ਪ੍ਰਧਾਨ ਜਸਪਾਲ ਸਿੰਘ ਲਟੋਰ, ਰਾਜੂ ਜਾਲਖੇੜੀ, ਜਸਵੀਰ ਸਿੰਘ ਰੰਘੇੜੀ, ਨਿਰਮਲ ਸਿੰਘ ਨਲੀਨੀ, ਕੁਲਵੰਤ ਸਿੰਘ ਪਤਾਰਸੀ, ਜਸਵੀਰ ਸਿੰਘ, ਨਿਰਮਲ ਸਿੰਘ ਭੱਲਮਾਜਰਾ, ਮਾਸਟਰ ਰਾਜ ਸਿੰਘ ਬਧੌਛੀ ਕਲਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖਮਾਣੋਂ ਰਿਹਾ ਪੂਰਨ ਰੂਪ ਵਿਚ ਬੰਦ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਤੇ ਪੰਜਾਬ ਸਰਕਾਰ ਤਾਲਮੇਲ ਬਣਾ ਕੇ ਤੁਰੰਤ ਕਦਮ ਚੁੱਕਣ-ਥਾਬਲ, ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।