18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਹਿੰਦ ਦਾਣਾ ਮੰਡੀ ’ਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸੁਣੀਆਂ ਸਮੱਸਿਆਵਾਂ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਹਿੰਦ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਹਿੰਦ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਕਿ ਸਰਕਾਰ ਮੰਡੀਆਂ ਵਿਚ ਢੁਕਵੇਂ ਪ੍ਰਬੰਧ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਜਿੱਥੇ ਫ਼ਸਲ ਦੀ ਲਿਫ਼ਟਿੰਗ ਦਾ ਪੂਰਾ ਪ੍ਰਬੰਧ ਨਹੀਂ ਹੈ, ਉੱਥੇ ਹੀ ਬੇਮੌਸਮੀ ਬਰਸਾਤ ਤੋਂ ਕਿਸਾਨਾਂ ਦੀ ਫ਼ਸਲ ਨੂੰ ਬਚਾਉਣ ਲਈ ਵੀ ਲੋੜੀਂਦੇ ਪ੍ਰਬੰਧਾਂ ਦੀ ਘਾਟ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨ ਸਾਰਾ ਸਾਲ ਮਿਹਨਤ ਕਰਕੇ ਅਤੇ ਆਪਣੀ ਪੂੰਜੀ ਲਗਾ ਕੇ ਫ਼ਸਲ ਤਿਆਰ ਕਰਦੇ ਹਨ, ਪਰ ਜਦੋਂ ਉਨ੍ਹਾਂ ਦੀ ਫ਼ਸਲ ਮੰਡੀਆਂ ਵਿਚ ਪਹੁੰਚਦੀ ਹੈ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈ ਕੇ ਪ੍ਰਭਾਵਿਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਵੇ, ਤਾਂ ਜੋ ਉਨ੍ਹਾਂ ਨੂੰ ਆਰਥਿਕ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਕ ਪਾਸੇ ਕਿਸਾਨ ਅਤੇ ਆੜ੍ਹਤੀ ਬੇਮੌਸਮੀ ਬਰਸਾਤ ਕਾਰਨ ਪ੍ਰੇਸ਼ਾਨ ਹਨ ਅਤੇ ਦੂਜੇ ਪਾਸੇ ਮੰਡੀ ਪ੍ਰਬੰਧਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਫ਼ਸਲ ਦੀ ਖ਼ਰੀਦ ਸਮੇਂ ਵੱਧ ਕਟੌਤੀਆਂ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ। ਸਰਕਾਰ ਵਲੋਂ ਪਹਿਲਾਂ ਇਹ ਭਰੋਸਾ ਦਿੱਤਾ ਜਾਂਦਾ ਸੀ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿਚ ਖ਼ੱਜਲ਼-ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ, ਪਰ ਮੌਜੂਦਾ ਹਾਲਾਤ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਬਿਨਾਂ ਦੇਰੀ ਕੀਤੇ ਬੇਮੌਸਮੀ ਬਰਸਾਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਰਾਹਤ ਦੇਵੇ ਅਤੇ ਘੱਟੋ-ਘੱਟ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੂੰ ਤੁਰੰਤ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦਾ ਜ਼ਿਕਰ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਾ ਤਸਕਰਾਂ ਨੂੰ ਸਰਕਾਰ ਅਤੇ ਪੁਲਿਸ ਦੀ ਕਥਿਤ ਸ਼ਹਿ ਮਿਲਣ ਕਾਰਨ ਨਸ਼ਿਆਂ ਦਾ ਕਾਰੋਬਾਰ ਧੜੱਲੇ ਨਾਲ ਜਾਰੀ ਹੈ। ਜਿਸ ਕਾਰਨ ਕਤਲ ਅਤੇ ਹੋਰ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਅਤੇ ਅਪਰਾਧਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਗੰਭੀਰ ਮਸਲਿਆਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਉਸ ਨੂੰ ਇਸ ਦਾ ਸਿਆਸੀ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ। ਪ੍ਰੋ. ਚੰਦੂਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ, ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਸੂਬੇ ਵਿਚ ਨਸ਼ਿਆਂ ਤੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਜਿੰਦਰ ਸਿੰਘ ਚੀਮਾ, ਪ੍ਰਧਾਨ ਰਵਿੰਦਰ ਸਿੰਘ ਸੌਂਢਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਜੈ ਸਿੰਘ ਬਾੜਾ, ਬਲਵਿੰਦਰ ਸਿੰਘ ਸਹਾਰਨ, ਓ.ਐਸ.ਡੀ ਹਰਦੇਵ ਸਿੰਘ ਹਰਪਾਲਪੁਰ, ਬਲਜੀਤ ਸਿੰਘ ਬਧੌਛੀ, ਦਰਬਾਰਾ ਸਿੰਘ ਰੰਧਾਵਾ, ਰਣਧੀਰ ਸਿੰਘ ਹੈਪੀ ਨੰਦਾ, ਕੁਲਦੀਪ ਸਿੰਘ ਖਾਨਪੁਰ, ਭੁਪਿੰਦਰ ਸਿੰਘ ਆਦਿ ਕਿਸਾਨ ਅਤੇ ਆੜ੍ਹਤੀ ਸ਼ਾਮਿਲ ਸਨ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜੰਗ ਸਿਰਫ਼ ਦਿਖਾਵਾ, ਪੰਜਾਬ ’ਚ ਕਾਨੂੰਨ ਵਿਵਸਥਾ ਵਿਗੜੀ-ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਸਨਿਚਰਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕੰਮਕਾਜ ਠੱਪ ਰੱਖ ਕੇ ਕੀਤੀ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।