ਨਸ਼ਿਆਂ ਵਿਰੁੱਧ ਜੰਗ ਸਿਰਫ਼ ਦਿਖਾਵਾ, ਪੰਜਾਬ ’ਚ ਕਾਨੂੰਨ ਵਿਵਸਥਾ ਵਿਗੜੀ-ਰਣਦੀਪ ਸਿੰਘ ਨਾਭਾ
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਰਾਜੇਸ਼ ਸ਼ਰਮਾ)-ਮਾਨਸਾ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ।
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਰਾਜੇਸ਼ ਸ਼ਰਮਾ)-ਮਾਨਸਾ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਗਾਇਕ ਸਿੱਧੂ ਮੂਸੇਵਾਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲਾਂ ਦਾ ਜ਼ਿਕਰ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਤ ਹੈ, ਜਦਕਿ ਨਸ਼ਿਆਂ ਦਾ ਕਾਰੋਬਾਰ ਅਜੇ ਵੀ ਗਲੀਆਂ-ਮੁਹੱਲਿਆਂ ਵਿਚ ਜਾਰੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਆਰਥਿਕ ਤੰਗੀਆਂ ਕਾਰਨ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਨਸ਼ਿਆਂ ਦੀ ਲਤ ਕਈ ਪਰਿਵਾਰਾਂ ਨੂੰ ਤਬਾਹ ਕਰ ਰਹੀ ਹੈ। ਉਨ੍ਹਾਂ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਡਾ. ਮਨਮੋਹਨ ਕੌਸ਼ਲ ਤੇ ਰਜਿੰਦਰ ਬਿੱਟੂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਰਵਿੰਦ ਸਿੰਗਲਾ, ਅਨੰਦ ਪਨਸੇਰ, ਬਲਵਿੰਦਰ ਵਾਲੀਆ, ਰਾਮ ਕੇਵਲ ਯਾਦਵ, ਇੰਦਰਜੀਤ ਸਿੰਘ ਰੰਧਾਵਾ, ਦਿਨੇਸ਼ ਸਿੰਘੀ, ਵਿਮਲ ਗੁਪਤਾ, ਚੇਤਨ ਸ਼ਰਮਾ, ਰੋਹਿਤ ਸ਼ਰਮਾ, ਅਨੰਦ ਪਨੇਸਰ, ਬਲਵਿੰਦਰ ਵਾਲੀਆ, ਐਡਵੋਕੇਟ ਤੇਜਿੰਦਰ ਸਿੰਘ ਸਲਾਣਾ, ਰਾਮ ਪ੍ਰਕਾਸ਼ ਚੋਪੜਾ, ਰਘਵੀਰ ਸਿੰਘ, ਕਮਲਜੀਤ ਸਿੰਘ ਸੋਮਾ, ਬਲਾਕ ਯੂਥ ਕਾਂਗਰਸ ਪ੍ਰਧਾਨ ਨਵਦੀਪ ਸਿੰਘ ਰਾਮਗੜ੍ਹੀਆ, ਹਰਵਿੰਦਰ ਸਿੰਘ ਖ਼ਾਲਸਾ, ਪੰਜਾਬ ਮਹਿਲਾ ਮੀਤ ਪ੍ਰਧਾਨ ਨੀਲਮ ਰਾਣੀ, ਬਲਾਕ ਪ੍ਰਧਾਨ ਨੀਤੂ ਸਿੰਘੀ, ਸ਼ਸ਼ੀ ਸ਼ਰਮਾ ਆਦਿ ਮੌਜੂਦ ਸਨ।