ਬਸੀ ਪਠਾਣਾਂ, 25 ਨਵੰਬਰ (ਐਚ.ਐਸ. ਗੌਤਮ, ਰਾਜਿੰਦਰ ਸ਼ਰਮਾ)-ਕਿਸੇ ਵੀ ਸੰਭਾਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਦੀ ਤਿਆਰੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 27 ਨਵੰਬਰ ਨੂੰ ਰਾਤ 8 ਵਜੇ ਬਸੀ ਪਠਾਣਾਂ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਅਭਿਆਸ ਚੌਧਰੀ ਕਾਲੋਨੀ, ਨੇੜੇ ਨਗਰ ਕੌਂਸਲ ਦਫ਼ਤਰ, ਬਸੀ ਪਠਾਣਾ ਵਿਚ ਏਅਰ ਰੇਡ ਚੇਤਾਵਨੀ ਅਤੇ ਬਲੈਕ ਆਊਟ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਜਾਵੇਗਾ। ਇਸ ਸਬੰਧੀ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਬਸੀ ਪਠਾਣਾਂ ਦੀਪਜੋਤ ਕੌਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਅਭਿਆਸ ਡੀ.ਜੀ.ਪੀ.-ਕਮ-ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ, ਸਿਵਲ ਡਿਫੈਂਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੋਕ ਡਰਿੱਲ ਦੀ ਸ਼ੁਰੂਆਤ ਰਾਤ 8 ਵਜੇ ਸਾਇਰਨ ਵਜਾ ਕੇ ਕੀਤੀ ਜਾਵੇਗੀ। ਸਾਇਰਨ ਵੱਜਣ ਉਪਰੰਤ ਨਿਰਧਾਰਿਤ ਰਿਹਾਇਸ਼ੀ ਖੇਤਰ ਵਿਚ ਬਲੈਕ ਆਊਟ ਦੀ ਸਥਿਤੀ ਬਣਾਈ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਆਪਣੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣੀਆਂ ਹੋਣਗੀਆਂ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ ਅਤੇ ਆਮ ਜਨਤਾ ਨੂੰ ਸਿਰਫ਼ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਕਰਦਿਆਂ ਸਹਿਯੋਗ ਦੇਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਅਭਿਆਸ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ।