ਪੱਤਰਕਾਰਾਂ ਦੀ ਆਵਾਜ਼ ਦਬਾ ਕੇ ਸਰਕਾਰ ਆਪਣੀਆਂ ਨਾਕਾਮੀਆਂ ਨਹੀਂ ਲੁਕਾ ਸਕਦੀ-ਚੀਮਾ
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪੰਜਾਬ ਵਿਚ ਪੱਤਰਕਾਰਾਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ’ਤੇ ਦਬਾਅ ਬਣਾਉਣ ਦੀਆਂ ਸਾਹਮਣੇ ਆ ਰਹੀਆਂ ਸ਼ਿਕਾਇਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੱਤਰਕਾਰਾਂ ਦੀ ਕਲਮ ਅਤੇ ਆਵਾਜ਼ ਦਬਾ ਕੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਨਹੀਂ ਪਾ ਸਕਦੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਮੀਡੀਆ ਚੌਥਾ ਥੰਮ ਹੈ ਅਤੇ ਪੱਤਰਕਾਰਾਂ ਦਾ ਕੰਮ ਸਰਕਾਰ ਦੀ ਚਾਪਲੂਸੀ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਰਕਾਰੀ ਕਾਰਗੁਜ਼ਾਰੀ ਨੂੰ ਨਿਰਪੱਖਤਾ ਨਾਲ ਸਾਹਮਣੇ ਲਿਆਉਣਾ ਹੈ।
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਪੰਜਾਬ ਵਿਚ ਪੱਤਰਕਾਰਾਂ ਨੂੰ ਡਰਾਉਣ-ਧਮਕਾਉਣ ਅਤੇ ਉਨ੍ਹਾਂ ’ਤੇ ਦਬਾਅ ਬਣਾਉਣ ਦੀਆਂ ਸਾਹਮਣੇ ਆ ਰਹੀਆਂ ਸ਼ਿਕਾਇਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੱਤਰਕਾਰਾਂ ਦੀ ਕਲਮ ਅਤੇ ਆਵਾਜ਼ ਦਬਾ ਕੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਨਹੀਂ ਪਾ ਸਕਦੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਮੀਡੀਆ ਚੌਥਾ ਥੰਮ ਹੈ ਅਤੇ ਪੱਤਰਕਾਰਾਂ ਦਾ ਕੰਮ ਸਰਕਾਰ ਦੀ ਚਾਪਲੂਸੀ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਅਤੇ ਸਰਕਾਰੀ ਕਾਰਗੁਜ਼ਾਰੀ ਨੂੰ ਨਿਰਪੱਖਤਾ ਨਾਲ ਸਾਹਮਣੇ ਲਿਆਉਣਾ ਹੈ। ਸਰਕਾਰ ਨੂੰ ਪੱਤਰਕਾਰਾਂ ਨਾਲ ਟਕਰਾਅ ਵਾਲਾ ਰਵੱਈਆ ਅਪਣਾਉਣ ਦੀ ਬਜਾਏ ਲੋਕਾਂ ਵਲੋਂ ਉਠਾਏ ਜਾ ਰਹੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਚੀਮਾ ਨੇ ਕਿਹਾ ਕਿ ਵਿਕਾਸ, ਰੁਜ਼ਗਾਰ, ਕਾਨੂੰਨ ਵਿਵਸਥਾ ਅਤੇ ਹੋਰ ਜਨਤਕ ਮੁੱਦਿਆਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨਾ ਮੀਡੀਆ ਦੀ ਜ਼ਿੰਮੇਵਾਰੀ ਹੈ। ਆਲੋਚਨਾ ਨੂੰ ਦੁਸ਼ਮਣੀ ਸਮਝਣਾ ਲੋਕਤੰਤਰੀ ਸੋਚ ਨਹੀਂ ਹੈ। ਜੇਕਰ ਪੱਤਰਕਾਰਾਂ ਨੂੰ ਸੱਚ ਲਿਖਣ ਤੋਂ ਰੋਕਣ ਜਾਂ ਡਰਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਤਾਂ ਇਹ ਪ੍ਰੈੱਸ ਦੀ ਆਜ਼ਾਦੀ ਦੇ ਨਾਲ-ਨਾਲ ਲੋਕਾਂ ਦੇ ਜਾਣਕਾਰੀ ਪ੍ਰਾਪਤ ਕਰਨ ਦੇ ਅਧਿਕਾਰ ’ਤੇ ਵੀ ਹਮਲਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਨੂੰ ਡਰਾਉਣ-ਧਮਕਾਉਣ ਦੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਮੀਡੀਆ ਨੂੰ ਬਿਨਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਸੁਤੰਤਰ ਮਾਹੌਲ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਅਹਿਮੀਅਤ ਹਮੇਸ਼ਾ ਬਣੀ ਰਹਿੰਦੀ ਹੈ।