ਬਟਾਲਾ, 21 ਜਨਵਰੀ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਚੰੜੀਗੜ੍ਹ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੀਟਿੰਗ ਕੀਤੀ ਤੇ ਬਟਾਲਾ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਵਿਸਥਾਰ 'ਚ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਬਟਾਲਾ ਸ਼ਹਿਰ 'ਚ ਹੋਰ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਗਿਆ ਕਿ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨ੍ਹਾਂ ਜੋ ਵੀ ਮੰਗਾਂ ਦੱਸੀਆਂ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਲਈ ਸਰਬਪੱਖੀ ਵਿਕਾਸ ਕੰਮਾਂ 'ਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਗਿਆ ਹੈ |