ਦੀਨਾਨਗਰ, 21 ਜਨਵਰੀ (ਸੋਢੀ/ਸ਼ਰਮਾ)-ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਥਾਨਿਕ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਮਨਾਇਆ ਜਾਵੇਗਾ | ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ 'ਚ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਦੱਸਿਆ ਜਾਵੇਗਾ ਤੇ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿਚ ਵੋਟਰਾਂ ਦੀ ਭਾਗੀਦਾਰ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਅਤੇ ਬੂਥ ਪੱਧਰੀ ਸਮਾਗਮਾਂ ਵਿਚ ਵੋਟਰਾਂ ਨੰੂ ਪ੍ਰਣ ਚੁਕਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਬੈਸਟ ਈ.ਆਰ.ਓ, ਬੈਸਟ ਨੋਡਲ ਅਫ਼ਸਰ (ਸਵੀਪ) ਤੇ ਬੈਸਟ ਬੀ.ਐਲ.ਓ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |