ਸ੍ਰੀ ਹਰਿਗੋਬਿੰਦਪੁਰ, 25 ਮਾਰਚ (ਕੰਵਲਜੀਤ ਸਿੰਘ ਚੀਮਾ)- ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਵਲੋਂ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ 'ਚ ਕੀਤੀਆਂ ਜਾ ਰਹੀਆਂ 'ਪੰਜਾਬ ਬਚਾਓ' ਰੈਲੀਆਂ ਦੀ ਲੜੀ ਤਹਿਤ ਹੀ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਦਾਣਾ ਮੰਡੀ ਵਿਚ ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ 27 ਮਾਰਚ ਨੂੰ ਪਹੁੰਚ ਰਹੇ ਹਨ | ਰਾਜਨਬੀਰ ਸਿੰਘ ਘੁਮਾਣ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਅਧੀਨ ਆਉਂਦੇ ਸਮੁੱਚੇ ਪਿੰਡਾਂ ਤੋਂ ਪਾਰਟੀ ਦੇ ਅਹੁਦੇਦਾਰਾਂ, ਸਰਪੰਚਾਂ, ਪੰਚਾਂ ਤੇ ਪਾਰਟੀ ਦੇ ਵਰਕਰਾਂ ਨੂੰ ਪੁਰਜ਼ੋਰ ਸਬਦਾਂ 'ਚ ਅਪੀਲ ਕੀਤੀ ਹੈ ਕਿ ਸ: ਬਾਦਲ ਦੇ ਵਿਚਾਰ ਸੁਣਨ ਲਈ ਹੁੰਮਾ-ਹੁਮਾ ਕਿ ਦਾਣਾ ਮੰਡੀ ਸ੍ਰੀ ਹਰਿਗੋਬਿੰਦਪੁਰ ਵਿਖੇ 27 ਮਾਰਚ ਨੂੰ ਸਵੇਰੇ 10 ਵਜੇ ਪੁੱਜਣ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ: ਬਾਦਲ ਦੀ ਆਮਦ ਨੂੰ ਵੇਖਦੇ ਹੋਏ ਹਲਕੇ ਦੇ ਸਮੁੱਚੇ ਪਿੰਡਾਂ ਵਿਚ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਉਨ੍ਹਾਂ ਵਲੋਂ ਨੁੱਕੜ ਬੈਠਕਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ 'ਚ ਭਾਰੀ ਉਤਸ਼ਾਹ ਸ: ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਵੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾ. ਮੰਤਰੀ ਸ: ਬਿਕਰਮ ਸਿੰਘ ਮਜੀਠਿਆ ਤੋਂ ਇਲਾਵਾ ਸੂਬੇ ਤੇ ਜ਼ਿਲ੍ਹਾ ਪੱਧਰ ਤੋਂ ਵੱਡੇ ਆਗੂ ਤੇ ਨਾਮਵਰ ਪਾਰਟੀ ਦੀਆਂ ਸ਼ਖ਼ਸੀਅਤਾਂ ਸ਼ਮੂਲੀਅਤ ਕਰਨ ਲਈ ਪੁੱਜ ਰਹੀਆਂ ਹਨ |