ਘੁਮਾਣ, 26 ਮਾਰਚ (ਬੰਮਰਾਹ) - ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ 'ਚ 27 ਮਾਰਚ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਲੱਧਾ ਮੁੰਡਾ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ 'ਚ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਹਲਕੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪਹੁੰਚਣਗੇ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਵੱਡੇ ਆਗੂ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜਿੰਨੀਆਂ ਵੀ ਆਪਣੀ ਸਰਕਾਰ ਵੇਲੇ ਸਹੂਲਤਾਂ ਦਿੱਤੀਆਂ, ਉਹ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਲੋਕਾਂ ਤੋਂ ਖੋਹ ਲਈਆਂ ਸਨ ਪਰ ਪੰਜਾਬ ਦੇ ਲੋਕ ਮੁੜ ਤੋਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿਚ ਲਿਆਉਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਵੱਡੇ ਬਹੁਮਤ ਨਾਲ ਪੰਜਾਬ ਵਿਚ ਸਰਕਾਰ ਬਣਾਵੇਗਾ ਤੇ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਬਣਨਗੇ |