17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੰਜਾਬ ਦੀਆਂ ਟਰੇਡ ਯੂਨੀਅਨਾਂ ਵਲੋਂ 1 ਅਪ੍ਰੈਲ ਨੂੰ ਸੰਘਰਸ਼ ਦਿਵਸ ਮਨਾਉਣ ਦਾ ਐਲਾਨ

ਅਜੀਤ ਡੈਸਕ 31-03-2026
ਗੁਰਦਾਸਪੁਰ, 30 ਮਾਰਚ (ਗੁਰਪ੍ਰਤਾਪ ਸਿੰਘ)-ਇਫਟੂ ਸਮੇਤ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਪੰਜਾਬ ਦੀਆਂ ਟਰੇਡ ਯੂਨੀਅਨਾਂ ਵਲੋਂ 1 ਅਪ੍ਰੈਲ ਨੂੰ ਚਾਰ ਲੇਬਰ ਕੋਡਾਂ ਦੇ ਵਿਰੋਧ ਵਿਚ ਕਾਲਾ ਦਿਵਸ ਐਲਾਨਦਿਆਂ ਸੰਘਰਸ਼ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਦੇ ਸਬੰਧ ਵਿਚ ਅੱਜ ਸ਼ਹੀਦ ਬਲਜੀਤ ਸਿੰਘ ਹਾਲ ਰੁਲੀਆ ਰਾਮ ਕਾਲੋਨੀ ਵਿਖੇ ਇਫਟੂ, ਸੀ.ਟੀ.ਯੂ, ਏਕਟੂ ਤੇ ਏਟਕ ਦੀ ਸਾਂਝੀ ਮੀਟਿੰਗ ਹੋਈ | ਮੀਟਿੰਗ ਵਿਚ ਜੋਗਿੰਦਰ ਪਾਲ ਪਨਿਆੜ, ਧਿਆਨ ਸਿੰਘ ਠਾਕੁਰ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਰਾਜ ਕੁਮਾਰ ਪੰਡੋਰੀ, ਵਿਜੇ ਸੋਹਲ, ਸੁਖਦੇਵ ਰਾਜ ਬਹਿਰਾਮਪੁਰ, ਜਸਵੰਤ ਸਿੰਘ ਬੁੱਟਰ, ਖੁਸ਼ਵੰਤ ਸਿੰਘ ਅਤੇ ਸਾਹਿਬ ਸਿੰਘ ਸ਼ਾਮਿਲ ਹੋਏ | ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਨਿਆਂ ਤੇ ਦੇਸ਼ੀ-ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਤੇ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲਿਆਂਦੇ ਗਏ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੇ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ | ਪੱਕੀ ਨੌਕਰੀ ਦੀ ਥਾਂ ਫਿਕਸਡ ਟਰਮ ਇੰਪਲਾਇਮੈਂਟ ਲਾਗੂ ਹੋਵੇਗਾ, ਨੌਕਰੀ ਦੀ ਸੁਰੱਖਿਆ ਖ਼ਤਮ ਹੋ ਜਾਵੇਗੀ, ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ 12 ਘੰਟੇ ਦੀ ਦਿਹਾੜੀ ਹੋਵੇਗੀ | ਉਨ੍ਹਾਂ ਦੱਸਿਆ ਕਿ ਇਹ ਕੋਡ ਭਾਰਤੀ ਸੰਵਿਧਾਨ, ਅੰਤਰਰਾਸ਼ਟਰੀ ਮਜ਼ਦੂਰ ਮਿਆਰਾਂ ਤੇ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਹਨ | ਜਿਸ ਕਾਰਨ 1 ਅਪ੍ਰੈਲ ਨੂੰ ਮਜ਼ਦੂਰਾਂ ਲਈ ਕਾਲੇ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ |
ਪਿਛਲੀ ਖ਼ਬਰ ਚੇਅਰਪਰਸਨ ਬਣ ਕੇ ਆਪਣੇ ਪਿੰਡ ਪਾਰੋਵਾਲ ਪਹੁੰਚਣ 'ਤੇ ਦਲਜੀਤ ਕੌਰ ਦਾ ਸਵਾਗਤ ਅਗਲੀ ਖ਼ਬਰ ਪਿੰਡ ਰਾਜੂਬੇਲਾ ਦੇ ਮੌਜੂਦਾ ਤੇ ਸਾਬਕਾ ਸਰਪੰਚ ਵਿਚਾਲੇ ਹੋਈ ਝੜਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।