06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਲਗਾਤਾਰ ਕਰਜ਼ਾ ਲੈ ਕੇ ਪੰਜਾਬ ਦੇ ਭਵਿੱਖ ਨੂੰ ਗਿਰਵੀ ਰੱਖ ਰਹੀ ਸੂਬਾ ਸਰਕਾਰ- ਸੁਰਿੰਦਰ ਸਿੰਘ ਕਨਵਰ ਮਿੰਟੂ

ਅਜੀਤ ਡੈਸਕ 04-07-2026
ਪਠਾਨਕੋਟ, 3 ਜੁਲਾਈ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲਿਆ ਜਾ ਰਿਹਾ ਕਰਜ਼ਾ ਸੂਬੇ ਦੀ ਆਰਥਿਕ ਸਥਿਤੀ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਵੱਧਦਾ ਕਰਜ਼ਾ ਆਉਣ ਵਾਲੀਆਂ ਪੀੜ੍ਹੀਆਂ ‘ਤੇ ਵਿੱਤੀ ਬੋਝ ਪਾ ਸਕਦਾ ਹੈ, ਇਸ ਲਈ ਸਰਕਾਰ ਨੂੰ ਕਰਜ਼ਾ ਲੈਣ ਦੇ ਨਾਲ-ਨਾਲ ਵਿੱਤੀ ਅਨੁਸ਼ਾਸਨ ਤੇ ਆਮਦਨ ਵਧਾਉਣ ਲਈ ਠੋਸ ਨੀਤੀਆਂ ਅਪਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਸਨ। ਪਰ ਅੱਜ ਸੂਬੇ ਦੀ ਵਿੱਤੀ ਸਥਿਤੀ ਨੂੰ ਸੰਭਾਲਣ ਦੀ ਬਜਾਏ ਕਰਜ਼ੇ ‘ਤੇ ਨਿਰਭਰਤਾ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਰਜੇ ਦੀ ਰਕਮ ਨੂੰ ਉਤਪਾਦਕ ਖੇਤਰਾਂ, ਉਦਯੋਗ, ਬੁਨਿਆਦੀ ਢਾਂਚੇ ਤੇ ਰੁਜ਼ਗਾਰ ਪੈਦਾ ਕਰਨ ਵਾਲੇ ਪ੍ਰੋਜੈਕਟਾਂ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਲਗਾਇਆ ਜਾਂਦਾ ਤਾਂ ਇਸ ਦਾ ਬੋਝ ਆਖ਼ਰਕਾਰ ਆਮ ਲੋਕਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਵਪਾਰੀ, ਮੁਲਾਜ਼ਮ, ਨੌਜਵਾਨ ਤੇ ਛੋਟੇ ਕਾਰੋਬਾਰੀ ਪਹਿਲਾਂ ਹੀ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤਾਂ ’ਚ ਸਰਕਾਰ ਦੀ ਪਹਿਲ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ, ਨਿਵੇਸ਼ ਨੂੰ ਉਤਸ਼ਾਹਿਤ ਕਰਨਾ, ਉਦਯੋਗਾਂ ਨੂੰ ਪ੍ਰੋਤਸਾਹਨ ਦੇਣਾ ਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੋਣਾ ਚਾਹੀਦਾ ਹੈ। ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਸੂਬੇ ਦੇ ਆਰਥਿਕ ਹਿੱਤਾਂ ਨਾਲ ਜੁੜੇ ਹਰ ਮੁੱਦੇ ਨੂੰ ਲੋਕਾਂ ਦੇ ਸਾਹਮਣੇ ਲਿਆਉਂਦਾ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਰਜ਼ੇ ਦੀ ਵਰਤੋਂ, ਵਿੱਤੀ ਪ੍ਰਬੰਧਨ ਤੇ ਵਿਕਾਸ ਕਾਰਜਾਂ ਬਾਰੇ ਪੂਰੀ ਪਾਰਦਰਸ਼ਤਾ ਨਾਲ ਜਾਣਕਾਰੀ ਲੋਕਾਂ ਸਾਹਮਣੇ ਰੱਖੇ ਤੇ ਅਜਿਹੀਆਂ ਨੀਤੀਆਂ ਬਣਾਏ ਜੋ ਪੰਜਾਬ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਅਤੇ ਮਜ਼ਬੂਤ ਬਣਾਉਣ ਵਿਚ ਸਹਾਇਕ ਹੋਣ।
ਪਿਛਲੀ ਖ਼ਬਰ ਨਗਰ ਪ੍ਰੀਸ਼ਦ ਦੀ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਕਾਰਵਾਈ ’ਚ ਪੱਖਪਾਤ ਦੇ ਦੋਸ਼ ਹਰਿਆਣਾ ਵਪਾਰ ਮੰਡਲ ਨੇ ਐਸ.ਡੀ.ਐਮ. ਟੋ... ਅਗਲੀ ਖ਼ਬਰ ਇਨਰਵੀਲ ਕਲੱਬ ਗ੍ਰੇਟਰ ਦੀ ਨਵੀਂ ਟੀਮ ਨੇ ਸੰਭਾਲਿਆ ਅਹੁਦਾ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕ ਲਿਆ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।