ਗੁਰਦਾਸਪੁਰ, 17 ਜੁਲਾਈ (ਪੰਕਜ ਸ਼ਰਮਾ)-ਨਗਰ ਕੌਂਸਲ ਦੇ ਸਫ਼ਾਈ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਵੀ ਹੜਤਾਲ ਜਾਰੀ ਰੱਖੀ ਤੇ ਡਾਕਖਾਨਾ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਗਿੱਲ ਨੇ ਕਿਹਾ ਕਿ ਪੰਜਾਬ ਭਰ ’ਚ ਯੂਨੀਅਨ ਦੇ ਸੱਦੇ ‘ਤੇ ਸਫ਼ਾਈ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ, ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀਆਂ ਮੁੱਖ ਮੰਗਾਂ ’ਚ ਠੇਕਾ ਪ੍ਰਣਾਲੀ ਖਤਮ ਕਰਕੇ ਆਊਟ ਸੋਰਸ ਕਰਮਚਾਰੀਆਂ ਨੂੰ ਵਿਭਾਗ ਅਧੀਨ ਰੈਗੂਲਰ ਕਰਨਾ, ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਚੌਥਾ ਦਰਜਾ ਕਰਮਚਾਰੀਆਂ ਨੂੰ ਪੱਕਾ ਕਰਨਾ, 23 ਜੂਨ 2021 ਦੀ ਨੋਟੀਫਿਕੇਸ਼ਨ ਅਨੁਸਾਰ ਬਾਕੀ ਆਊਟ ਸੋਰਸ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆਉਣਾ, ਯੂ.ਪੀ.ਐਸ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਨਗਰ ਕੌਂਸਲਾਂ ਵਿਚ ਈ.ਪੀ.ਐਫ ਯੋਜਨਾ ਲਾਗੂ ਕਰਨਾ ਤੇ ਆਰਥਿਕ ਆਧਾਰ ‘ਤੇ ਬਿਨਾਂ ਸ਼ਰਤ ਨੌਕਰੀਆਂ ਦੇਣਾ ਆਦਿ ਮੰਗਾਂ ਸ਼ਾਮਿਲ ਹਨ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸਫ਼ਾਈ ਮੁਲਾਜ਼ਮ ਅਤੇ ਯੂਨੀਅਨ ਆਗੂ ਹਾਜ਼ਰ ਸਨ।