ਗੁਰਦਾਸਪੁਰ, 28 ਜੁਲਾਈ (ਚੱਕਰਾਜਾ)-ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ 29 ਜੁਲਾਈ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ’ਤੇ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਹੋਈ। ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਧਰਨੇ ਵਿਚ ਸ਼ਾਮਿਲ ਹੋਣ ਲਈ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿਚ ਕਾਫ਼ਲਾ ਸ਼ਾਮਿਲ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਵਧਦੀ ਲੋਕਪ੍ਰੀਅਤਾ ਨੂੰ ਦੇਖ ਕੇ ਮੌਜੂਦਾ ਸਰਕਾਰ ਬੁਖਲਾਹਟ ਵਿਚ ਆ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਕਈ ਕਈ ਸਾਲਾ ਤੋਂ ਜੇਲ੍ਹਾਂ ਵਿਚ ਡੱਕੇ ਬੰਦੀ ਸਿੰਘ ਜੋ ਆਪਣੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਪਰ ਇਸ ਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।