07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿਦਿਆਰਥੀਆਂ ਲਈ 'ਈਚ ਵਨ ਅਡਾਪਟ ਵਨ' ਮੁਹਿੰਮ ਬਣੀ ਵਰਦਾਨ

ਅਜੀਤ ਡੈਸਕ 01-01-2026
ਫ਼ਿਰੋਜ਼ਪੁਰ, 31 ਦਸੰਬਰ (ਗੁਰਿੰਦਰ ਸਿੰਘ)-ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਪਿੰਡਾਂ ਦੇ ਸਕੂਲੀ ਵਿਦਿਆਰਥੀਆਂ ਦੀ ਸਹਾਇਤਾ ਲਈ ਸ਼ੁਰੂ ਕੀਤੀ ਗਈ 'ਈਚ ਵਨ ਅਡਾਪਟ ਵਨ' ਮੁਹਿੰਮ 30 ਤੋਂ ਵੱਧ ਸਰਕਾਰੀ ਸਕੂਲਾਂ ਦੇ ਕਰੀਬ 3200 ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਈ ਹੈ | ਮੁਹਿੰਮ ਦੇ ਸੰਚਾਲਕ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਸਹਾਇਤਾ ਲਈ ਅੱਗੇ ਆਈਆਂ ਅਦਾਰਾ ਅਜੀਤ ਸਮੇਤ ਸਮੂਹ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਆਰਥਿਕ ਸਥਿਤੀ ਬਹੁਤ ਕਮਜ਼ੋਰ ਹੋ ਜਾਂਦੀ ਹੈ, ਜਿਸ ਦਾ ਸਿੱਧਾ ਅਸਰ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਪੈਂਦਾ ਹੈ ਅਤੇ ਕਈ ਵਾਰ ਵਿਦਿਆਰਥੀ ਪੜ੍ਹਾਈ ਛੱਡਣ ਲਈ ਵੀ ਮਜਬੂਰ ਹੋ ਜਾਂਦੇ ਹਨ | ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਸੀ ਕਿ ਹੜ੍ਹਾਂ ਕਾਰਨ ਪੈਦਾ ਹੋਈ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੀ ਸਿੱਖਿਆ ਵਿਚ ਰੁਕਾਵਟ ਨਾ ਬਣੇ | ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਸਫਲਤਾਪੂਰਵਕ ਸਿਰੇ ਚੜਿ੍ਹਆ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫਲਤਾ ਵਿਚ ਪੰਜਾਬ ਦੀ ਆਵਾਜ਼ ਰੋਜ਼ਾਨਾ ਅਜੀਤ ਸਮੇਤ ਕਈ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ, ਜਿਸ ਕਾਰਨ ਇਹ ਮੁਹਿੰਮ ਵਿਦਿਆਰਥੀਆਂ ਲਈ ਇਕ ਵਰਦਾਨ ਸਾਬਤ ਹੋਈ | ਹੜ੍ਹ ਪ੍ਰਭਾਵਿਤ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦੇ ਸਕੂਲ ਸਟਾਫ਼ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ | ਮੁਹਿੰਮ ਦੀ ਸਫਲਤਾ ਲਈ ਅਸ਼ੋਕ ਬਹਿਲ ਸਾਬਕਾ ਸਕੱਤਰ ਰੈੱਡ ਕਰਾਸ ਸੁਸਾਇਟੀ, ਅਧਿਆਪਕ ਤਜਿੰਦਰ ਸਿੰਘ, ਵਿਸ਼ਾਲ ਗੁਪਤਾ, ਪਿ੍ਤਪਾਲ ਸਿੰਘ, ਇੰਦਰਪਾਲ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ, ਰੁਪਿੰਦਰ ਸਿੰਘ ਅਤੇ ਅਰੁਣ ਕੁਮਾਰ ਵਲੋਂ ਖ਼ਾਸ ਤੌਰ 'ਤੇ ਮਿਹਨਤ ਕੀਤੀ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਦਾਨ ਦੀ ਦਿਸ਼ਾ ਬਦਲਦੇ ਹੋਏ ਸਿੱਖਿਆ ਦੇ ਖੇਤਰ ਵਿਚ ਅਜਿਹੇ ਉਪਰਾਲਿਆਂ ਦੀ ਜ਼ਰੂਰਤ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ |
ਪਿਛਲੀ ਖ਼ਬਰ ਧਰਮ ਗੁਰੂ ਬਿੰਦੂ ਭਾਰਦਵਾਜ ਨੇ ਕੀਤਾ ਸੁੰਦਰ ਭਜਨਾਂ ਦਾ ਗਾਇਨ <br/> ਅਗਲੀ ਖ਼ਬਰ ਮਨਜੀਤ ਸਿੰਘ ਸੰਧੂ ਬਣੇ ਕਾਂਗਰਸ ਕਿਸਾਨ ਸੈੱਲ ਦੇ ਵਰਕਿੰਗ ਜ਼ਿਲ੍ਹਾ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।