ਅਬੋਹਰ, 20 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਫ਼ਦ ਨੇ ਮਾਰਕੀਟ ਕਮੇਟੀ ਅਬੋਹਰ ਦੇ ਸਕੱਤਰ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਮੁਲਾਕਾਤ ਬਾਰੇ ਜਾਣਕਾਰੀ ਦਿੰਦੇ ਹੋਏ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਬਾਗ਼ਬਾਨਾਂ ਨੂੰ ਕਿੰਨੂ ਦੀ ਬੋਲੀ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਸਕੱਤਰ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਕਿੰਨੂ ਮੰਡੀ 'ਚ ਬੋਲੀ ਸਹੀ ਢੰਗ ਨਾਲ ਨਹੀਂ ਚੱਲ ਰਹੀ | ਬਾਗ਼ਬਾਨ ਕਿਸਾਨ ਦੀ ਸ਼ਰੇਆਮ ਲੁੱਟ ਹੋ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਬੋਲੀ ਨੂੰ ਇਕ ਸਿਰੇ ਤੋਂ ਸਹੀ ਤਰੀਕੇ ਨਾਲ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਬੋਲੀ ਸਹੀ ਹੋਵੇਗੀ ਤਾਂ ਹੀ ਕਿੰਨੂ ਬਾਗ਼ਬਾਨਾਂ ਨੂੰ ਸਹੀ ਮੁੱਲ ਮਿਲ ਸਕੇਗਾ | ਇਸ ਦੌਰਾਨ ਅਬੋਹਰ ਮਾਰਕੀਟ ਕਮੇਟੀ ਦੇ ਸਕੱਤਰ ਨੇ ਕਿਸਾਨ ਯੂਨੀਅਨ ਦੇ ਵਫ਼ਦ ਨੂੰ ਵਿਸ਼ਵਾਸ ਦਵਾਇਆ ਕਿ ਅੱਜ ਤੋਂ ਬੋਲੀ ਸਹੀ ਤਰੀਕੇ ਨਾਲ ਕਰਵਾਈ ਜਾਵੇਗੀ | ਉਹ ਖ਼ੁਦ ਬੋਲੀ 'ਤੇ ਜਾ ਕੇ ਇਸ ਦੀ ਜਾਂਚ ਵੀ ਕਰਨਗੇ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸਿਮਰਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ, ਜ਼ਿਲ੍ਹਾ ਪੈੱ੍ਰਸ ਸਕੱਤਰ ਲਖਵਿੰਦਰ ਸਿੰਘ, ਬਲਾਕ ਪ੍ਰਧਾਨ ਗੁਰਟੇਕ ਸਿੰਘ, ਬਲਾਕ ਪ੍ਰਧਾਨ ਰਾਜਿੰਦਰ ਰਾਠੋੜ ਤੇ ਬਲਾਕ ਮੀਤ ਪ੍ਰਧਾਨ ਸੂਬਾ ਸਿੰਘ ਆਦਿ ਕਿਸਾਨ ਹਾਜ਼ਰ ਸਨ |