ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ 'ਚ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਪ੍ਰਮੁੱਖ ਸੰਗਠਨ 'ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ' ਨੇ ਆਉਂਦੇ ਗਣਤੰਤਰ ਦਿਵਸ ਮੌਕੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਨ ਦਾ ਐਲਾਨ ਕੀਤਾ ਹੈ | ਯੂਨੀਅਨ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ 26 ਜਨਵਰੀ ਨੂੰ ਵੱਖ-ਵੱਖ ਜ਼ਿਲਿ੍ਹਆਂ 'ਚ ਝੰਡਾ ਫਹਿਰਾਉਣ ਆਉਣ ਵਾਲੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਮਲਟੀਪਰਪਜ਼ ਕੇਡਰ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪੇ ਜਾਣਗੇ | ਯੂਨੀਅਨ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਹਰਵਿੰਦਰ ਸਿੰਘ ਛੀਨਾ ਅਤੇ ਜਨਰਲ ਸਕੱਤਰ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਸਮੇਤ ਹੋਰ ਸੀਨੀਅਰ ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਕਈ ਅਹਿਮ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਕੋਲ ਲੰਬਿਤ ਪਈਆਂ ਹਨ, ਜਿਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਇਨ੍ਹਾਂ ਮੰਗਾਂ ਦਾ ਸਾਰਥਿਕ ਹੱਲ ਨਾ ਕੱਢਿਆ ਤਾਂ ਸਮੂਹ ਮੁਲਾਜ਼ਮ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਇਸ ਮੌਕੇ ਮਨਜੀਤ ਕੌਰ ਬਾਜਵਾ, ਗੁਰਦੇਵ ਸਿੰਘ ਢਿੱਲੋਂ, ਵਿਰਸਾ ਸਿੰਘ ਪੰਨੂ ਤੇ ਹੋਰ ਸੂਬਾਈ ਆਗੂ ਵੀ ਹਾਜ਼ਰ ਸਨ |