ਫ਼ਾਜ਼ਿਲਕਾ, 20 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐਮ. ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਦੀ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਉੱਪਰ ਕੀਤੇ ਗਏ ਪਰਚੇ ਨੂੰ ਰੱਦ ਕਰਾਉਣ ਦੇ ਲਈ ਅਤੇ ਲੋਕਾਂ ਦੀ ਆਵਾਜ਼ ਨੂੰ ਬਹਾਲ ਰੱਖਣ ਦੇ ਲਈ 24 ਜਨਵਰੀ ਨੂੰ ਡੀ. ਸੀ. ਦਫ਼ਤਰ ਬਠਿੰਡਾ ਅੱਗੇ ਹੋ ਰਹੇ ਇਕੱਠ ਦੇ 'ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ, ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ ਤੇ ਕਾਲਜ ਕਮੇਟੀ ਪ੍ਰਧਾਨ ਦਿਲਕਰਨ ਰਤਨਪੁਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਦਿਨੀਂ ਕੁੱਝ ਪੱਤਰਕਾਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਸਵਾਲ ਕਰਨ ਦੇ ਸੰਬੰਧ ਵਿਚ ਉਨ੍ਹਾਂ ਪੱਤਰਕਾਰਾਂ ਉੱਪਰ ਝੂਠੇ ਪਰਚੇ ਦਰਜ ਕੀਤੇ ਗਏ ਤਾਂ ਜੋ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਇਆ ਜਾ ਸਕੇ ਜੋ ਕਿ ਪੱਤਰਕਾਰਾਂ ਦੀ ਬੋਲਣ ਦੀ ਆਜ਼ਾਦੀ ਉੱਪਰ ਹਮਲਾ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਜਦੋਂ ਦੀ ਸੱਤਾ ਦੇ ਵਿਚ ਆਈ ਹੈ ਉਦੋਂ ਤੋਂ ਹੀ ਲੋਕ ਵਿਰੋਧੀ ਫ਼ੈਸਲੇ ਤੇ ਲੋਕ ਮਾਰੂ ਨੀਤੀਆਂ ਨੂੰ ਲਾਗੂ ਕਰਦੀ ਆ ਰਹੀ ਹੈ | ਜੇਕਰ ਕੋਈ ਵੀ ਪੱਤਰਕਾਰ, ਬੁੱਧੀਜੀਵੀ ਜਾਂ ਸਮਾਜਿਕ ਕਾਰਕੁਨ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਦਾ ਹੈ ਜਾਂ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦਾ ਹੈ ਤਾਂ ਸਰਕਾਰ ਵਲੋਂ ਲਗਾਤਾਰ ਉਸ ਤੇ ਦਬਾਅ ਬਣਾਇਆ ਜਾਂਦਾ ਹੈ ਤੇ ਉਸ ਉੱਪਰ ਝੂਠੇ ਪਰਚੇ ਪਾ ਕੇ ਉਸ ਦੀ ਜੁਬਾਨਬੰਦੀਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਵਰਤਾਰਾ ਕੋਈ ਆਮ ਵਰਤਾਰਾ ਨਹੀਂ ਹੈ ਸਗੋਂ ਇਹ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਸਾਡੇ ਦੇਸ਼ ਦੀ ਜਮਹੂਰੀ ਸਪੇਸ ਨੂੰ ਖ਼ਤਮ ਕਰਨ ਦੀ ਤਿਆਰੀ ਹੈ ਤਾਂ ਜੋ ਸਰਕਾਰ ਸਿੱਧੇ ਅਸਿੱਧੇ ਰੂਪ 'ਚ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰ ਸਕੇ | ਲੋਕਾਂ ਨੂੰ ਬੇਵਕੂਫ਼ ਬਣਾ ਕੇ ਆਪਣੀ ਵੋਟ ਬੈਂਕ ਮਜ਼ਬੂਤ ਕਰ ਸਕੇ | ਇਹ ਘਟਨਾ ਸਾਡੇ ਸੰਵਿਧਾਨਿਕ ਅਧਿਕਾਰਾਂ, ਦੇਸ਼ ਦੇ ਜਮਹੂਰੀ ਹੱਕਾਂ ਤੇ ਬੋਲਣ ਦੀ ਆਜ਼ਾਦੀ ਉੱਪਰ ਹਮਲਾ ਹੈ, ਜਿਸ ਦਾ ਵੱਡੇ ਪੱਧਰ ਤੇ ਵਿਰੋਧ ਹੋਣਾ ਜ਼ਰੂਰੀ ਹੈ | ਅੰਤ ਪੰਜਾਬ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ, ਪੱਤਰਕਾਰਾਂ 'ਤੇ ਹੋਏ ਝੂਠੇ ਪਰਚੇ ਰੱਦ ਕਰਾਉਣ ਤੇ ਲੋਕਾਂ ਦੀ ਆਵਾਜ਼ ਬਹਾਲੀ ਲਈ 24 ਜਨਵਰੀ ਨੂੰ ਵੱਡੀ ਗਿਣਤੀ ਵਿਚ ਲੋਕਾਂ ਨੂੰ ਡੀ. ਸੀ. ਦਫ਼ਤਰ ਬਠਿੰਡਾ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਅਰਸ਼ਦੀਪ ਸਿੰਘ, ਸਾਜਨ ਸਿੰਘ, ਕਵਲਜੀਤ ਸਿੰਘ, ਸੂਰਜ ਸਿੰਘ, ਰੇਣੂਕਾ, ਸੁਮਿਤ ਸਿੰਘ ਤੇ ਹੋਰ ਵੀ ਵਿਦਿਆਰਥੀ ਆਗੂ ਹਾਜ਼ਰ ਸਨ |