ਜਲਾਲਾਬਾਦ, 20 ਜਨਵਰੀ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਲਾਲਾਬਾਦ ਵਿਚ ਕਾਂਗਰਸ ਦੇ ਓ. ਬੀ. ਸੀ. ਸੈੱਲ ਦੇ ਸੂਬਾ ਚੇਅਰਮੈਨ ਰਾਜ ਬਖ਼ਸ਼ ਕੰਬੋਜ ਦੀ ਅਗਵਾਈ 'ਚ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਦੀ ਸ਼ੁਰੂਆਤ ਹਲਕੇ ਦੇ ਪਿੰਡ ਫਲੀਆਂ ਵਾਲਾ ਵਿਖੇ ਤੋਂ ਹੋਈ, ਜਿਥੇ ਰਾਜ ਬਖ਼ਸ਼ ਕੰਬੋਜ ਵਲੋਂ 'ਮਨਰੇਗਾ ਬਚਾਓ ਅਭਿਆਨ' ਤਹਿਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਜਾਣਬੁੱਝ ਕੇ ਮਨਰੇਗਾ ਬਜਟ 'ਚ ਕਟੌਤੀ ਕਰ ਰਹੀ ਹੈ ਤਾਂ ਜੋ ਇਸ ਲੋਕ-ਭਲਾਈ ਯੋਜਨਾ ਨੂੰ ਹੌਲੀ-ਹੌਲੀ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਮਜ਼ਦੂਰਾਂ ਨੇ ਆਪਣੀਆਂ ਮੁਸ਼ਕਿਲਾਂ ਦੱਸਦਿਆਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਉਨ੍ਹਾਂ ਨੂੰ ਕੰਮ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ ਪਰ ਪ੍ਰਸ਼ਾਸਨ ਵਲੋਂ ਮਨਰੇਗਾ ਦਾ ਕੰਮ ਸ਼ੁਰੂ ਨਹੀਂ ਕਰਵਾਇਆ ਜਾ ਰਿਹਾ | ਬਹੁਤ ਸਾਰੇ ਪਰਿਵਾਰ ਅਜਿਹੇ ਹਨ ਜਿਨ੍ਹਾਂ ਦੇ ਅਜੇ ਤੱਕ ਜੌਬ ਕਾਰਡ ਵੀ ਨਹੀਂ ਬਣੇ | ਰਾਜ ਬਖ਼ਸ਼ ਕੰਬੋਜ ਨੇ ਮਜ਼ਦੂਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਮਜ਼ਦੂਰਾਂ ਦੇ ਹਿਤਾਂ ਲਈ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ ਤੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਪ੍ਰੋਗਰਾਮ ਦੌਰਾਨ ਕਸ਼ਮੀਰ ਸਿੰਘ, ਡਾ. ਜੋਗਿੰਦਰ ਸਿੰਘ, ਜਗਦੀਸ਼ ਚੰਦਰ ਅਰੋੜਾ, ਮੰਗਤ ਰਾਮ ਚੁੱਘ ਤੇ ਅਮਰੀਕ ਚੰਦ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਮਜ਼ਦੂਰ ਹਾਜ਼ਰ ਸਨ |