ਫ਼ਾਜ਼ਿਲਕਾ, 29 ਮਾਰਚ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਕੇਰੀਆਂ ਵਿਖੇ ਅੱਜ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਅਤੇ ਉਨ੍ਹਾਂ ਦੀ ਪੜ੍ਹਾਈ ਦੀ ਪ੍ਰਗਤੀ ਨੂੰ ਮੁੱਖ ਰੱਖਦਿਆਂ ਅਧਿਆਪਕ-ਮਾਪੇ ਮਿਲਣੀ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ | ਸਕੂਲ ਦੀ ਮੁੱਖ ਅਧਿਆਪਕਾ ਰਜਨੀ ਦੀ ਅਗਵਾਈ ਹੇਠ ਸਮੂਹ ਸਟਾਫ਼ ਨੇ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਸਾਲਾਨਾ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਮੁੱਖ ਅਧਿਆਪਕਾ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਅਤੇ ਮਾਪਿਆਂ ਦਾ ਆਪਸੀ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ | ਇਸ ਮੌਕੇ ਅਧਿਆਪਕਾਂ ਅਸ਼ਵਨੀ ਕੁਮਾਰ, ਸਵਰਨ ਸਿੰਘ, ਵਿਜੇ ਕੁਮਾਰ, ਮਿਹਰਬਾਨ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਉਂਦਿਆਂ ਮਾਪਿਆਂ ਨੂੰ ਬੱਚਿਆਂ ਦੀਆਂ ਖ਼ੂਬੀਆਂ ਅਤੇ ਕਮੀਆਂ ਬਾਰੇ ਵਿਸਥਾਰ ਵਿਚ ਦੱਸਿਆ | ਸੋਨੀਆ, ਹਰਿੰਦਰ, ਜਸਵੀਰ ਅਤੇ ਸੀਮਾ ਨੇ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਘਰ ਵਿਚ ਵੀ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ | ਇਸ ਪ੍ਰੋਗਰਾਮ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਮੈਂਬਰਾਂ ਅਤੇ ਪਿੰਡ ਦੇ ਸਰਪੰਚ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪਤਵੰਤੇ ਸੱਜਣਾਂ ਨੇ ਸਕੂਲ ਦੇ ਪ੍ਰਬੰਧਾਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਪੰਚਾਇਤ ਅਤੇ ਕਮੇਟੀ ਸਕੂਲ ਦੀਆਂ ਲੋੜਾਂ ਪੂਰੀਆਂ ਕਰਨ ਲਈ ਹਮੇਸ਼ਾ ਤਤਪਰ ਰਹੇਗੀ | ਮਾਪਿਆਂ ਨੇ ਵੀ ਸਕੂਲ ਦੇ ਇਸ ਉਪਰਾਲੇ ਦੀ ਤਾਰੀਫ਼ ਕੀਤੀ | ਅੰਤ ਵਿਚ ਮੁੱਖ ਅਧਿਆਪਕਾ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ |