ਫ਼ਾਜ਼ਿਲਕਾ, 29 ਮਾਰਚ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਆਯੋਜਿਤ 'ਮੈਗਾ ਪੀ.ਟੀ.ਐਮ.' ਦੌਰਾਨ ਐੱਚ.ਪੀ.ਵੀ.ਵੈਕਸੀਨ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਬਲਾਕ ਜੰਡਵਾਲਾ ਭੀਮੇਸ਼ਾਹ ਦੇ ਸਰਕਾਰੀ ਸਕੂਲਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੇ 14 ਤੋਂ 15 ਸਾਲ ਦੀਆਂ ਲੜਕੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਐੱਚ.ਪੀ.ਵੀ. ਵਾਇਰਸ ਅÏਰਤਾਂ ਵਿਚ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਬਣਦਾ ਹੈ ਅਤੇ ਇਸ ਤੋਂ ਬਚਣ ਲਈ ਸਹੀ ਉਮਰ ਵਿਚ ਟੀਕਾਕਰਨ ਸੱਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ | ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਵਿਸ਼ਵਾਸ ਨਾ ਕਰਨ, ਕਿਉਂਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਹੈ | ਬਲਾਕ ਮਾਸ ਮੀਡੀਆ ਅਫ਼ਸਰ ਹਰਮੀਤ ਸਿੰਘ ਅਤੇ ਐੱਸ.ਆਈ. ਸੁਮਨ ਕੁਮਾਰ ਨੇ ਦੱਸਿਆ ਕਿ ਸਕੂਲਾਂ ਰਾਹੀਂ ਮਾਪਿਆਂ ਤੱਕ ਸਿੱਧੀ ਪਹੁੰਚ ਬਣਾਉਣਾ ਜਾਗਰੂਕਤਾ ਫੈਲਾਉਣ ਦਾ ਸੱਭ ਤੋਂ ਉੱਤਮ ਤਰੀਕਾ ਹੈ | ਉਨ੍ਹਾਂ ਨੇ ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਵੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੇ ਟੀਕਾਕਰਨ ਕੈਂਪਾਂ ਨੂੰ ਸਫਲ ਬਣਾਇਆ ਜਾ ਸਕੇ | ਇਹ ਮੁਹਿੰਮ ਜ਼ਿਲ੍ਹੇ ਦੇ ਹੋਰਨਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਵੀ ਲਗਾਤਾਰ ਜਾਰੀ ਰਹੇਗੀ |