ਜਲਾਲਾਬਾਦ, 31 ਮਾਰਚ(ਕਰਨ ਚੁਚਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਹੈ | ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਬੱਘੇ ਕੇ ਹਿਠਾੜ ਤੋਂ ਅੰਮਿ੍ਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ਼, ਰਾਮ ਤੀਰਥ ਮੰਦਿਰ ਅਤੇ ਕਈ ਗੁਰਧਾਮਾਂ ਦੇ ਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ-ਪੀਣ ਦਾ ਵਧੀਆ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ | ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖ਼ੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ | ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿਚ ਚਾਹ ਤੇ ਖਾਣੇ ਅਤੇ ਰਾਤ ਠਹਿਰਨ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ | ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦਾ ਅਨੇਕਾਂ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ | ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ |