ਫ਼ਾਜ਼ਿਲਕਾ, 31 ਮਾਰਚ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਮੂਹ ਸਰਕਾਰੀ ਮੈਡੀਕਲ ਕਾਲਜਾਂ ਵਿਚ ਤਾਇਨਾਤ ਨਰਸਿੰਗ ਸਟਾਫ਼ ਵਲੋਂ ਗਰੇਡ ਪੇਅ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਪਿਛਲੇ ਇਕ ਹਫ਼ਤੇ ਤੋਂ ਕੀਤੀ ਜਾ ਰਹੀ ਕਲਮ-ਛੋੜ ਹੜਤਾਲ ਨੂੰ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਵੱਡਾ ਸਮਰਥਨ ਦਿੱਤਾ ਹੈ | 'ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ' ਅਤੇ 'ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ' ਦੇ ਸੂਬਾਈ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਨਰਸਾਂ ਦੀਆਂ ਮੰਗਾਂ 'ਤੇ 'ਐਸਮਾ' ਐਕਟ ਵਰਗੇ ਸਖ਼ਤ ਕਦਮ ਚੁੱਕਣ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ | ਯੂਨੀਅਨ ਆਗੂਆਂ ਸੁਖਜਿੰਦਰ ਸਿੰਘ ਫ਼ਾਜ਼ਿਲਕਾ, ਗੁਰਪ੍ਰੀਤ ਸਿੰਘ ਮੰਗਵਾਲ ਅਤੇ ਮਨਜੀਤ ਕੌਰ ਬਾਜਵਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਨਰਸਿੰਗ ਸਟਾਫ਼ ਦੀ ਗਰੇਡ ਪੇਅ ਸਬੰਧੀ ਮੰਗ ਪੂਰੀ ਤਰ੍ਹਾਂ ਜਾਇਜ਼ ਹੈ | ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਨਰਸਿੰਗ ਸਟਾਫ਼ ਦੇ ਹੜਤਾਲ 'ਤੇ ਹੋਣ ਕਾਰਨ ਹਸਪਤਾਲਾਂ ਵਿਚ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ | ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਥਿਤੀ ਨੂੰ ਹੋਰ ਵਿਗੜਨ ਤੋਂ ਬਚਾਉਣ ਲਈ ਜਲਦੀ ਤੋਂ ਜਲਦੀ ਮੁਲਾਜ਼ਮਾਂ ਨਾਲ ਬੈਠ ਕੇ ਗੱਲਬਾਤ ਕੀਤੀ ਜਾਵੇ | ਇਸ ਮੌਕੇ ਹਰਵਿੰਦਰ ਸਿੰਘ ਛੀਨਾ, ਨਰਿੰਦਰ ਸ਼ਰਮਾ ਫ਼ਿਰੋਜ਼ਪੁਰ, ਰਣਦੀਪ ਸਿੰਘ, ਸੁਰਿੰਦਰਪਾਲ ਸੋਨੀ, ਸੂਬਾ ਪੈੱ੍ਰਸ ਸਕੱਤਰ ਰਵਿੰਦਰ ਸ਼ਰਮਾ ਅਤੇ ਹੋਰਨਾਂ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਨਰਸਿੰਗ ਸਟਾਫ਼ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਇਸ ਸੰਘਰਸ਼ ਵਿਚ ਉਨ੍ਹਾਂ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੰਦੇ ਰਹਿਣਗੇ |