28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ-ਡਾ. ਹਰਪ੍ਰੀਤ ਕੌਰ

ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਕੌਰ | ਅਜੀਤ ਤਸਵੀਰ <br/> 08-04-2026
ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ.ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਖੇਤੀ ਮਸ਼ੀਨਰੀ 'ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ | ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ 'ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ | ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖ਼ਤਮ ਕੀਤਾ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਚ ਸੰਪਰਕ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ, ਸ਼ਰੈਡਰ, ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ, ਰੋਟਰੀ ਸਲੈਸ਼ਰ ਅਤੇ ਕੰਬਾਈਨ 'ਤੇ ਲੱਗਣ ਵਾਲਾ ਸੁਪਰ ਐੱਸ.ਐਮ.ਐੱਸ.ਆਦਿ ਮਸ਼ੀਨਾਂ ਦੀ ਖ਼ਰੀਦ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ | ਡਾ.ਹਰਪ੍ਰੀਤ ਕੌਰ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫ਼ੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ | ਡਾ.ਹਰਪ੍ਰੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ 'ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ | ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖ਼ਰੀਦ ਕਰ ਸਕਣਗੇ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ | ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਬਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ |
ਪਿਛਲੀ ਖ਼ਬਰ ਸਰਕਾਰੀ ਸਮਾਰਟ ਹਾਈ ਸਕੂਲ ਬੰਨਵਾਲਾ ਹਨੂਵੰਤਾ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਆਯੋਜਿਤ ਅਗਲੀ ਖ਼ਬਰ ਸਾਂਝੀ ਵੱਟ ਤੋਂ ਟਾਹਲੀ ਦੇ ਰੁੱਖ ਪੁੱਟਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।