12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜਲਾਲਾਬਾਦ ਨਗਰ ਕੌਂਸਲ ਦੇ 17 ਵਾਰਡਾਂ ਦੇ ਨਵੇਂ ਚੁਣੇ ਜਾਣ ਵਾਲੇ ਕੌਂਸਲਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

ਅਜੀਤ ਡੈਸਕ 05-07-2026

ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰੀ ਖੇਤਰ ਅੰਦਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਵੀ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਾਰਡਾਂ ਦੀ ਵੰਡ ਅਨੁਸਾਰ ਵੋਟਰਾਂ ਦੀ ਕੁੱਲ ਗਿਣਤੀ, ਪੋਲਿੰਗ ਸਟੇਸ਼ਨਾਂ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਬੂਥਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਵਾਰ ਜਲਾਲਾਬਾਦ ਨਗਰ ਕੌਂਸਲ ਦੇ ਸਾਰੇ 17 ਵਾਰਡਾਂ ਵਿਚ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨ ਲਈ 34 ਹਜ਼ਾਰ ਦੇ ਕਰੀਬ ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨਗੇ। ਪ੍ਰਸ਼ਾਸਨ ਦੀ ਅੰਤਿਮ ਵੋਟਰ ਸੂਚੀ ਅਨੁਸਾਰ ਸ਼ਹਿਰੀ ਖੇਤਰ ਦੇ 34 ਤੋਂ 35 ਹਜ਼ਾਰ ਦੇ ਕਰੀਬ ਕੁੱਲ ਰਜਿਸਟਰਡ ਵੋਟਰ ਹਨ। ਇਨ੍ਹਾਂ ਵਿਚੋਂ ਮਰਦ ਵੋਟਰਾਂ ਦੀ ਗਿਣਤੀ ਲਗਭਗ 18 ਹਜ਼ਾਰ ਦੇ ਦਰਮਿਆਨ ਹੈ। ਮਹਿਲਾ ਵੋਟਰਾਂ ਦੀ ਗਿਣਤੀ ਲਗਭਗ 16 ਹਜ਼ਾਰ ਦੇ ਕਰੀਬ ਹੈ। ਨਗਰ ਕੌਂਸਲ ਦੇ ਕੁੱਲ 17 ਵਾਰਡਾਂ ਦੇ ਵੋਟਰਾਂ ਲਈ ਸ਼ਹਿਰ ਦੀਆਂ ਪ੍ਰਮੁੱਖ ਸਰਕਾਰੀ ਇਮਾਰਤਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ (ਲੜਕੇ/ਲੜਕੀਆਂ), ਸਰਕਾਰੀ ਕਾਲਜ ਅਤੇ ਮਾਰਕੀਟ ਕਮੇਟੀ ਦੇ ਦਫ਼ਤਰਾਂ ਵਿਖੇ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਵੋਟਰਾਂ ਦੀ ਸਹੂਲਤ ਅਤੇ ਲੰਬੀਆਂ ਲਾਈਨਾਂ ਤੋਂ ਬਚਣ ਲਈ ਇਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਗਭਗ 28 ਤੋਂ 32 ਦੇ ਕਰੀਬ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਜਲਾਲਾਬਾਦ ਦੇ ਸਿਆਸੀ ਇਤਿਹਾਸ ਅਤੇ ਪਿਛਲੀਆਂ ਚੋਣਾਂ ਦੌਰਾਨ ਹੋਈਆਂ ਜ਼ਬਰਦਸਤ ਝੜਪਾਂ ਨੂੰ ਮੁੱਖ ਰੱਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਲਗਭਗ 12 ਤੋਂ 15 ਬੂਥਾਂ ਨੂੰ ਸੰਵੇਦਨਸ਼ੀਲ ਸ਼੍ਰੇਣੀ ਵਿਚ ਰੱਖਿਆ ਗਿਆ ਹੈ, ਜਿੱਥੇ ਉਮੀਦਵਾਰਾਂ ਵਿਚਾਲੇ ਕਾਂਟੇ ਦੀ ਟੱਕਰ ਹੈ। ਸ਼ਹਿਰ ਦੇ ਕੁੱਝ ਖ਼ਾਸ ਵਾਰਡਾਂ ਦੇ 6 ਤੋਂ 8 ਬੂਥਾਂ ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਨ੍ਹਾਂ ਬੂਥਾਂ ’ਤੇ ਪੁਰਾਣੀ ਸਿਆਸੀ ਰੰਜਸ਼ ਜਾਂ ਕਾਨੂੰਨ ਵਿਵਸਥਾ ਦੇ ਵਿਗੜਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਸਾਰੇ ਅਤਿ-ਸੰਵੇਦਨਸ਼ੀਲ ਬੂਥਾਂ ਦੇ ਅੰਦਰ ਅਤੇ ਬਾਹਰ ਸੀ.ਸੀ.ਟੀ.ਵੀ.ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ ਅਤੇ ਪੂਰੀ ਪੋਲਿੰਗ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਸੈਂਸਟਿਵ ਅਤੇ ਹਾਈਪਰ-ਸੈਂਸਟਿਵ ਬੂਥਾਂ ’ਤੇ ਪੰਜਾਬ ਪੁਲਿਸ ਦੇ ਹਥਿਆਰਬੰਦ ਜਵਾਨਾਂ ਅਤੇ ਵਾਧੂ ਫੋਰਸ ਤਾਇਨਾਤ ਕੀਤੀ ਜਾਵੇਗੀ। ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਵਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਲਗਾਤਾਰ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ-ਭੈਅ ਦੇ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰ ਸਕਣ। ਸਥਾਨਕ ਚੋਣ ਅਧਿਕਾਰੀ ਵਲੋਂ ਸਮੂਹ ਸ਼ਹਿਰ ਵਾਸੀਆਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਚੋਣ ਜ਼ਾਬਤੇ ਦੀ ਪਾਲਨਾ ਕਰਨ ਅਤੇ ਪ੍ਰਸ਼ਾਸਨ ਨੂੰ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਵਿਚ ਸਹਿਯੋਗ ਦੇਣ। ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਵੋਟਾਂ ਪੈਣ ਦਾ ਕੰਮ ਈ.ਵੀ.ਐਮ.ਮਸ਼ੀਨਾਂ ਰਾਹੀਂ ਹੋਵੇਗਾ ਅਤੇ ਵੋਟਾਂ ਦੀ ਗਿਣਤੀ ਦਾ ਕੰਮ ਵੀ ਵੋਟਾਂ ਦੀ ਸਮਾਪਤੀ ਉਪਰੰਤ ਹੋਵੇਗਾ।

ਪਿਛਲੀ ਖ਼ਬਰ ਝਾੜੀਆਂ ’ਚੋਂ ਅਰਧ-ਨਗਨ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਅਬੋਹਰ ’ਚ ਚੋਰਾਂ ਨੇ ਇਕੋ ਰਾਤ ’ਚ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।