14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫ਼ਿਲਮ ਰਾਹੀਂ ਲੋਕਾਂ ਨੂੰ ਕਰਵਾਇਆ ਜਾ ਰਿਹਾ ਜੀਵਨ ਫ਼ਲਸਫ਼ੇ ਤੋਂ ਜਾਣੂ ਪੰਜਾਬ ਸਰਕਾਰ ਵਲੋਂ ਭੇਜੀ ਵਿਸ਼ੇਸ਼ ਪ੍ਰਚਾਰ ਵੈਨ ਨੂੰ ਫ਼ਾਜ਼ਿਲਕਾ ਦੇ ਪਿੰਡਾਂ ’ਚ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਅਜੀਤ ਡੈਸਕ 16-07-2026
ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਡਾਕੂਮੈਂਟਰੀ ਵੈਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਚਲਾਈ ਜਾ ਰਹੀ ਹੈ। ਇਸ ਮੋਬਾਈਲ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਜੀਵਨ, ਉਨ੍ਹਾਂ ਦੀ ਇਲਾਹੀ ਬਾਣੀ ਅਤੇ ਸਮਾਜ ਸੁਧਾਰ ਲਈ ਪਾਏ ਗਏ ਅਮੁੱਲੇ ਯੋਗਦਾਨ ’ਤੇ ਆਧਾਰਿਤ ਇਕ ਪ੍ਰਭਾਵਸ਼ਾਲੀ ਡਾਕੂਮੈਂਟਰੀ ਫ਼ਿਲਮ ਲੋਕਾਂ ਨੂੰ ਦਿਖਾਈ ਜਾ ਰਹੀ ਹੈ। ਇਹ ਵੈਨ ਹੁਣ ਤੱਕ ਫ਼ਾਜ਼ਿਲਕਾ ਬਲਾਕ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਬਾਧਾ, ਲਾਲੋ ਵਾਲੀ, ਮੁਹਾਰ ਜਮਸ਼ੇਰ, ਮੁਹਾਰ ਸੋਨਾ, ਮੁਹਾਰ ਖੀਵਾ, ਮੁਹਾਰ ਖੀਵਾ ਭੁਵਾਨੀ, ਮੌਜਮ, ਨਵਾਂ ਮੌਜਮ, ਨਵਾਂ ਸਲੇਮਸ਼ਾਹ, ਸਲੇਮਸ਼ਾਹ, ਗੰਜੂਆਣਾ, ਨਵੀਂ ਬਸਤੀ ਸਲੇਮਸ਼ਾਹ, ਗਾਗਨ ਕੇ, ਸ਼ਮਸ਼ਾਬਾਦ, ਢਾਣੀ ਹਰਦਿੱਤ ਸਿੰਘ ਅਤੇ ਕਾਂਵਾਂ ਵਾਲੀ ਵਿਖੇ ਸਫਲਤਾਪੂਰਵਕ ਸ਼ੋਅ ਕਰ ਚੁੱਕੀ ਹੈ। ਇਨ੍ਹਾਂ ਪੇਂਡੂ ਖੇਤਰਾਂ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਅਤੇ ਬੱਚਿਆਂ ਵਲੋਂ ਇਸ ਡਾਕੂਮੈਂਟਰੀ ਸ਼ੋਅ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਇਸ ਸ਼ਲਾਘਾਯੋਗ ਉਪਰਾਲੇ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੇ ਸਰਬ-ਸਾਂਝੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੇਂਡੂ ਖੇਤਰਾਂ ਵਿਚ ਇਹ ਸ਼ੋਅ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਸਾਡੀ ਨਵੀਂ ਪੀੜ੍ਹੀ ਆਪਣੇ ਮਹਾਨ ਰਹਿਬਰਾਂ ਦੇ ਜੀਵਨ ਅਤੇ ਪਵਿੱਤਰ ਸਿੱਖਿਆਵਾਂ ਤੋਂ ਪੇ੍ਰਰਨਾ ਲੈ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕੇ। ਉਨ੍ਹਾਂ ਦੱਸਿਆ ਕਿ ਇਹ ਡਾਕੂਮੈਂਟਰੀ ਫ਼ਿਲਮ ਹਰ ਰੋਜ਼ ਸ਼ਾਮ ਨੂੰ ਜ਼ਿਲ੍ਹੇ ਦੇ ਦੋ ਵੱਖ-ਵੱਖ ਪਿੰਡਾਂ ਵਿਚ ਪ੍ਰਦਰਸ਼ਿਤ ਕੀਤੀ ਜਾਂਦੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਧਾਰਮਿਕ ਡਾਕੂਮੈਂਟਰੀ ਸ਼ੋਅ ਨੂੰ ਦੇਖਣ ਲਈ ਵੱਧ-ਚੜ੍ਹ ਕੇ ਹਿੱਸਾ ਲੈਣ।
ਪਿਛਲੀ ਖ਼ਬਰ ਡੀ.ਏ.ਵੀ.ਕਾਲਜ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਦੌਲਤਪੁਰਾ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।