13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

‘ਮਿਸ਼ਨ ਆਤਮਨਿਰਭਰਤਾ’ ਤਹਿਤ ਪਿੰਡ ਅਲਿਆਣਾ ਵਿਖੇ ਲਗਾਇਆ ਇਕ ਰੋਜ਼ਾ ਕਿਸਾਨ ਸਿਖਲਾਈ ਕੈਂਪ

ਅਜੀਤ ਡੈਸਕ 17-07-2026
ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਾਜ਼ਿਲਕਾ ਵਲੋਂ ‘ਮਿਸ਼ਨ ਆਤਮ ਨਿਰਭਰਤਾ ਇਨ ਪਲਸਿਜ਼’ ਤਹਿਤ ਸਰਹੱਦੀ ਪਿੰਡ ਅਲਿਆਣਾ ਵਿਖੇ ਇਕ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ.ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਦਾ ਮੁੱਖ ਮਨੋਰਥ ਕਿਸਾਨਾਂ ਨੂੰ ਦਾਲਾਂ ਦੀ ਵਿਗਿਆਨਕ ਖੇਤੀ, ਪੈਦਾਵਾਰ ਵਧਾਉਣ ਅਤੇ ਟਿਕਾਊ ਖੇਤੀ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਕੁਲਵੰਤ ਸਿੰਘ ਨੇ ਮੂੰਗੀ ਅਤੇ ਹੋਰ ਦਾਲਾਂ ਦੀ ਕਾਸ਼ਤ ਦੀ ਅਹਿਮੀਅਤ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਦਾਲਾਂ ਦੀ ਖੇਤੀ ਅਪਣਾਉਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜ਼ਮੀਨ ਦੀ ਸਿਹਤ ਸੁਧਰਦੀ ਹੈ, ਪਾਣੀ ਦੀ ਬੱਚਤ ਹੁੰਦੀ ਹੈ ਅਤੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲਦਾ ਹੈ। ਉਨ੍ਹਾਂ ਦੇਸ਼ ਨੂੰ ਦਾਲਾਂ ਦੇ ਉਤਪਾਦਨ ਵਿਚ ਆਤਮਨਿਰਭਰ ਬਣਾਉਣ ਅਤੇ ਵਿਦੇਸ਼ੀ ਨਿਰਭਰਤਾ ਘਟਾਉਣ ਲਈ ਕਿਸਾਨਾਂ ਨੂੰ ਇਸ ਦਿਸ਼ਾ ਵਿਚ ਹੰਭਲਾ ਮਾਰਨ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ.ਪਰਮਿੰਦਰ ਧੰਜੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਨਾਲ ਲਗਾਤਾਰ ਰਾਬਤਾ ਰੱਖਣ ਅਤੇ ਵਿਭਾਗ ਦੀਆਂ ਭਲਾਈ ਸਕੀਮਾਂ ਅਤੇ ਨਵੀਆਂ ਤਕਨੀਕਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਖੇਤੀ ਖ਼ਰਚੇ ਘਟਾ ਕੇ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਖੇਤੀਬਾੜੀ ਵਿਕਾਸ ਅਫ਼ਸਰ ਲਵਪ੍ਰੀਤ ਸਿੰਘ ਨੇ ਦਾਲਾਂ ਤੋਂ ਇਲਾਵਾ ਝੋਨੇ ਅਤੇ ਬਾਸਮਤੀ ਦੀ ਵਿਗਿਆਨਕ ਕਾਸ਼ਤ ਬਾਰੇ ਅਹਿਮ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਬੰਦ ਕਰਨ ਅਤੇ ਹਮੇਸ਼ਾ ਮਿੱਟੀ ਦੀ ਪਰਖ ਰਿਪੋਰਟ ਦੇ ਆਧਾਰ ’ਤੇ ਹੀ ਖਾਦਾਂ ਪਾਉਣ ਦੀ ਸਲਾਹ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾ.ਅਰਵਿੰਦ ਅਹਲਾਵਤ ਨੇ ਕੇ.ਵੀ.ਕੇ.ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਬਾਰੇ ਦੱਸਿਆ। ਜਦਕਿ ਡਾ.ਪ੍ਰਕਾਸ਼ ਨੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਹਰੀ ਖਾਦ (ਜਿਵੇਂ ਜੰਤਰ ਅਤੇ ਮੂੰਗੀ) ਦੀ ਕਾਸ਼ਤ ਕਰਨ ਅਤੇ ਉਸ ਨੂੰ ਖੇਤ ਵਿਚ ਹੀ ਵਾਹੁਣ ਦੇ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੈਂਪ ਦੌਰਾਨ ਪਿੰਡ ਅਲਿਆਣਾ ਦੇ ਅਗਾਂਹਵਧੂ ਕਿਸਾਨ ਕਰਨੈਲ ਸਿੰਘ, ਪਿੰਡ ਅਲਿਆਣਾ ਦੇ ਸਰਪੰਚ, ਪਿੰਡ ਚਿਰਾਗ਼ ਢਾਣੀ ਦੇ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਕਿਸਾਨਾਂ ਨੇ ਖੇਤੀ ਮਾਹਿਰਾਂ ਨਾਲ ਸਿੱਧੀ ਗੱਲਬਾਤ ਕਰਕੇ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਦਾ ਮਾਹਿਰਾਂ ਵਲੋਂ ਮੌਕੇ ’ਤੇ ਹੀ ਤਸੱਲੀਬਖ਼ਸ਼ ਹੱਲ ਦੱਸਿਆ ਗਿਆ। ਕੈਂਪ ਦੇ ਅਖੀਰ ਵਿਚ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਮੂੰਗੀ ਦੀਆਂ ਮਿੰਨੀ ਕਿੱਟਾਂ ਵੀ ਮੁਫ਼ਤ ਵੰਡੀਆਂ ਗਈਆਂ।
ਪਿਛਲੀ ਖ਼ਬਰ ਹਰ ਜ਼ਿੰਦਗੀ ਕੀਮਤੀ ਹੈ-ਦਿੱਲੀ ਹਾਈ ਕੋਰਟ ਅਗਲੀ ਖ਼ਬਰ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਸਵੀਪ ਟੀਮ ਪਹੁੰਚੀ ਬਿਰਧ ਆਸ਼ਰਮ ਤੇ ਥਾਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।