09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭੇਦਭਰੇ ਹਾਲਾਤ ’ਚ ਨੌਜਵਾਨ ਦੀ ਮੌਤ, ਝਾੜੀਆਂ ’ਚੋਂ ਮਿਲੀ ਲਾਸ਼

ਅਜੀਤ ਡੈਸਕ 18-07-2026
ਅਬੋਹਰ, 17 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਸਰਾਭਾ ਨਗਰ ਇਲਾਕੇ ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਉੱਥੇ ਝਾੜੀਆਂ ਵਿਚ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤ ਵਿਚ ਪਈ ਹੋਈ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ-1 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਸਮਾਜ ਸੇਵੀ ਸੰਸਥਾ ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਦੇ ਸਹਿਯੋਗ ਨਾਲ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਮੁੱਢਲੇ ਤੌਰ ’ਤੇ ਨੌਜਵਾਨ ਦੀ ਮੌਤ ਦਾ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਅੰਕਰ ਗਰਮੀ ਮੰਨਿਆ ਜਾ ਰਿਹਾ ਹੈ, ਜਦਕਿ ਅਸਲ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਜਾਣਕਾਰੀ ਮੁਤਾਬਿਕ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੂੰ ਸੂਚਨਾ ਮਿਲੀ ਸੀ ਕਿ ਝਾੜੀਆਂ ਵਿਚ ਇਕ ਨੌਜਵਾਨ ਦੀ ਮ੍ਰਿਤਕ ਦੇਹ ਪਈ ਹੈ, ਜਿਸ ’ਤੇ ਸੰਸਥਾ ਦੇ ਸੇਵਾਦਾਰ ਮੋਨੂ ਗਰੋਵਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਥਾਣਾ ਮੁਖੀ ਮਨਿੰਦਰ ਸਿੰਘ ਅਤੇ ਸਵਰਾਜ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਪੜਤਾਲ ਸ਼ੁਰੂ ਕੀਤੀ। ਪੁਲਿਸ ਵਲੋਂ ਤਲਾਸ਼ੀ ਲਏ ਜਾਣ ’ਤੇ ਮ੍ਰਿਤਕ ਦੇ ਕੋਲੋਂ ਇਕ ਬੰਦ ਪਿਆ ਕੀਪੈਡ ਮੋਬਾਈਲ ਫ਼ੋਨ ਅਤੇ ਬੀੜੀਆਂ ਦਾ ਬੰਡਲ ਆਦਿ ਬਰਾਮਦ ਹੋਇਆ, ਪਰ ਕੋਈ ਅਜਿਹਾ ਦਸਤਾਵੇਜ਼ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 20 ਸਾਲ ਦੇ ਆਸ-ਪਾਸ ਜਾਪਦੀ ਹੈ ਅਤੇ ਉਸ ਨੇ ਲਾਲ ਰੰਗ ਦੀ ਟੀ-ਸ਼ਰਟ ਅਤੇ ਭੂਰੇ ਰੰਗ ਦਾ ਲੋਅਰ ਪਾਇਆ ਹੋਇਆ ਹੈ। ਪੁਲਿਸ ਮੁਤਾਬਿਕ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਲੂ ਲੱਗਣ ਜਾਂ ਬਹੁਤ ਜ਼ਿਆਦਾ ਗਰਮੀ ਕਾਰਨ ਹੋਈ ਹੋ ਸਕਦੀ ਹੈ। ਫ਼ਿਲਹਾਲ ਪੁਲਿਸ ਨੇ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸ਼ਨਾਖ਼ਤ ਵਾਸਤੇ ਹਸਪਤਾਲ ਦੀ ਮੋਰਚਰੀ ਵਿਚ ਸੁਰੱਖਿਅਤ ਰਖਵਾ ਦਿੱਤਾ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਇਸ ਸਬੰਧੀ ਸੂਚਨਾ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਅਬੋਹਰ ਦੇ ਨਿਸ਼ਾਨੇਬਾਜ਼ਾਂ ਨੇ 61ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ’ਚ ਜਿੱਤੇ ਕਈ ਤਗਮੇ ਅਗਲੀ ਖ਼ਬਰ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।