ਅਬੋਹਰ, 29 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਬੋਹਰ ਦੇ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਦੀ ਅਗਵਾਈ ਹੇਠ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਨਗਰ ਨਿਗਮ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਸ਼ਮੂਲੀਅਤ ਕਰਦੇ ਹੋਏ 30 ਜੁਲਾਈ ਦੇ ਪੰਜਾਬ ਬੰਦ ਨੂੰ ਸਮਰਥਨ ਦਿੱਤਾ। ਇਸ ਮੌਕੇ ਸੀਨੀਅਰ ਆਗੂ ਹਰਚਰਨ ਸਿੰਘ ਪੱਪੂ, ਸੁਰੇਸ਼ ਸਤੀਜਾ, ਹਰਪਾਲ ਸਿੰਘ ਸੰਧੂ, ਬੱਬਲ ਬੁੱਟਰ, ਅਜੀਤ ਸਿੰਘ ਰਿੰਕੂ, ਸ਼ੇਰ ਸਿੰਘ ਸੰਧੂ, ਸਾਹਿਲ ਛਾਬੜਾ, ਪਟੇਲ ਘੁੱਲਾ, ਕੈਪਟਨ ਸੁਰਜੀਤ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ। ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਅਤੇ ਸੀਨੀਅਰ ਆਗੂ ਹਰਚਰਨ ਸਿੰਘ ਪੱਪੂ ਨੇ ਸਫ਼ਾਈ ਸੇਵਕਾਂ ਨੂੰ ਭਰੋਸਾ ਦਵਾਇਆ ਕਿ ਤੁਹਾਡੀਆਂ ਜਾਇਜ਼ ਮੰਗਾਂ ਨੂੰ ਅਕਾਲੀ ਦਲ ਪੂਰਨ ਸਮਰਥਨ ਦਿੰਦਾ ਹੈ। ਜਿਸ ਤਹਿਤ ਅਕਾਲੀ ਦਲ ਵਲੋਂ ਪੰਜਾਬ ਬੰਦ ਦੇ ਸੱਦਾ ਵਿਚ ਵੀ ਸਹਿਯੋਗ ਕੀਤਾ ਜਾਵੇਗਾ। ਅਕਾਲੀ ਵਫ਼ਦ ਨੇ ਬਰਨਾਲਾ ਵਿਖੇ ਹੋਏ ਲਾਠੀਚਾਰਜ ਦੀ ਪੁਰਜ਼ੋਰ ਨਿੰਦਾ ਕੀਤੀ। ਉਨ੍ਹਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਵੀ ਵਿਸ਼ਵਾਸ ਦਵਾਇਆ ਕਿ ਜੇਕਰ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਈ ਤਾਂ ਪਹਿਲ ਦੇ ਆਧਾਰ ’ਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਸਮੇਂ ਵੀ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਫ਼ਾਈ ਸੇਵਕਾਂ ਨੂੰ ਪੱਕੇ ਕੀਤਾ ਸੀ ਅਤੇ ਭਗਵਾਨ ਵਾਲਮੀਕੀ ਜੀ ਦੇ ਤੀਰਥ ਸਥਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 300 ਕਰੋੜ ਰੁਪਏ ਲਗਾ ਕੇ ਸੁੰਦਰੀਕਰਨ ਕੀਤਾ ਸੀ ਅਤੇ ਹੋਰ ਗ਼ਰੀਬ ਵਰਗ ਦੀ ਭਲਾਈ ਲਈ ਸਕੀਮਾਂ ਚਾਲੂ ਕੀਤੀਆਂ ਸਨ। ਉਨ੍ਹਾਂ ਆਪਣੇ ਵਲੋਂ ਹਰ ਤਰ੍ਹਾਂ ਦੇ ਸੰਘਰਸ਼ ਲਈ ਸਫ਼ਾਈ ਸੇਵਕਾਂ ਨੂੰ ਭਰੋਸਾ ਦਿੱਤਾ।