ਫ਼ਾਜ਼ਿਲਕਾ ਦੀ ਦਾਣਾ ਮੰਡੀ ’ਚ ਮੀਂਹ ਕਾਰਨ ਹੋਏ ਝੋਨੇ ਦੇ ਨੁਕਸਾਨ ਦਾ ਬੀ.ਕੇ.ਯੂ. ਕਾਦੀਆਂ ਵਲੋਂ ਜਾਇਜ਼ਾ
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਤੋਂ ਕਿਸਾਨਾਂ ਦੀ ਫ਼ਸਲ ਦੀ ਸਾਂਭ-ਸੰਭਾਲ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਤੇ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਫ਼ਾਜ਼ਿਲਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਫ਼ਾਜ਼ਿਲਕਾ ਇਕਾਈ ਵਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ।
ਫ਼
ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਖੇ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ। ਤਸਵੀਰ-ਬਲਜੀਤ ਸਿੰਘ
13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਸਰਕਾਰ ਤੋਂ ਕਿਸਾਨਾਂ ਦੀ ਫ਼ਸਲ ਦੀ ਸਾਂਭ-ਸੰਭਾਲ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕਰਨ ਤੇ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਫ਼ਾਜ਼ਿਲਕਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਫ਼ਾਜ਼ਿਲਕਾ ਇਕਾਈ ਵਲੋਂ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੰਡੀ ਵਿਚ ਪਹੁੰਚ ਕੇ ਬਰਸਾਤ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲਿਆ ਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਜ਼ਿਕਰਯੋਗ ਹੈ ਕਿ ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੇਮੌਸਮੀ ਬਰਸਾਤ ਕਾਰਨ ਵੱਡੀ ਮਾਤਰਾ ਵਿਚ ਝੋਨੇ ਦੀ ਫ਼ਸਲ ਪਾਣੀ ਦੀ ਲਪੇਟ ਵਿਚ ਆ ਗਈ ਸੀ। ਮੰਡੀ ਵਿਚ ਪਾਣੀ ਭਰ ਜਾਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ । ਕਈ ਥਾਵਾਂ ’ਤੇ ਝੋਨੇ ਦੀਆਂ ਢੇਰੀਆਂ ਪਾਣੀ ਵਿਚ ਭਿੱਜ ਗਈਆਂ ਜਿਸ ਕਾਰਨ ਫ਼ਸਲ ਦੇ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਮੰਡੀ ਵਿਚ ਪਾਣੀ ਦੀ ਨਿਕਾਸੀ ਅਤੇ ਫ਼ਸਲ ਦੀ ਸਾਂਭ-ਸੰਭਾਲ ਲਈ ਢੁਕਵੇਂ ਪ੍ਰਬੰਧ ਨਾ ਹੋਣ ’ਤੇ ਸਵਾਲ ਚੁੱਕੇ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰ ਸਾਲ ਕਿਸਾਨ ਆਪਣੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚਦੇ ਹਨ ਪਰ ਬੇਮੌਸਮੀ ਬਰਸਾਤ ਦੌਰਾਨ ਫ਼ਸਲ ਨੂੰ ਬਚਾਉਣ ਲਈ ਪੁਖ਼ਤਾ ਪ੍ਰਬੰਧ ਹੋਣੇ ਬੇਹੱਦ ਜ਼ਰੂਰੀ ਹਨ। ਮੰਡੀਆਂ ਵਿਚ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾਣ ਤੇ ਬਾਰਸ਼ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲ ਤਿਆਰ ਕਰਨ ਲਈ ਕਿਸਾਨਾਂ ਨੂੰ ਪਹਿਲਾਂ ਹੀ ਭਾਰੀ ਖ਼ਰਚਾ ਕਰਨਾ ਪੈਂਦਾ ਹੈ। ਅਜਿਹੇ ਵਿਚ ਜੇਕਰ ਮੰਡੀ ਵਿਚ ਪਹੁੰਚਣ ਤੋਂ ਬਾਅਦ ਬਰਸਾਤ ਕਾਰਨ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਫ਼ਸਲ ਦੀ ਸੁਰੱਖਿਆ ਲਈ ਸਮੇਂ ਸਿਰ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀਆਂ ਖੇਤਾਂ ਵਿਚ ਖੜ੍ਹੀਆਂ ਬਾਸਮਤੀ ਤੇ ਝੋਨੇ ਦੀਆਂ ਫ਼ਸਲਾਂ ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਡਿਗ ਗਈਆਂ ਹਨ ਤੇ ਜਿਨ੍ਹਾਂ ਦੀ ਫ਼ਸਲ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਚੁੱਕਾ ਹੈ, ਉਨ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਹੋਏ ਨੁਕਸਾਨ ਦੇ ਮੁਤਾਬਿਕ ਬਣਦਾ ਮੁਆਵਜ਼ਾ ਸਰਕਾਰ ਵਲੋਂ ਸਮੇਂ ਸਿਰ ਜਾਰੀ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਕੁੱਝ ਰਾਹਤ ਮਿਲ ਸਕੇ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ’ਤੇ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਬਰਸਾਤ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਕਦੋਂ ਤੱਕ ਮੁਆਵਜ਼ਾ ਮਿਲਦਾ ਹੈ। ਇਸ ਮੌਕੇ ਕਸ਼ਮੀਰ ਸਿੰਘ ਰਾਣਾ, ਲਖਵਿੰਦਰ ਸਿੰਘ ਬਲਾਕ ਪ੍ਰਧਾਨ ਅਰਨੀਵਾਲਾ, ਬਾਜ਼ ਸਿੰਘ, ਜੁਗਿੰਦਰ ਸਿੰਘ ਬੰਨਾਵਾਲੀ, ਗੁਰਲਾਲ ਸਿੰਘ ਘਟਿਆ ਵਾਲੀ, ਫ਼ੌਜਾਂ ਸਿੰਘ, ਚਾਨਣ ਸਿੰਘ ਕਮਾਲ ਵਾਲਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।